ਗੁਰਦਾਸਪੁਰ, 9 ਦਸੰਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਹਸਤਾਖਰ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਵੱਖ-ਵੱਖ ਵਿਭਾਗਾਂ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ ਮਦਨ ਲਾਲ ਜ਼ਿਲ੍ਹਾ ਸਿੱਖਿਆ ਅਫਸਰ (ਪ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਦਿਅਕ ਸੰਸਥਾਵਾਂ ਅੰਦਰ ਵਿਦਿਆਰਥੀਆਂ ਨੂੰ ਜਿਥੇ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਮਤਦਾਨ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਅੱਗੇ ਦੱਸਿਆ ਕਿ ਵੋਟਰ ਪ੍ਰਣ ਤਹਿਤ ‘ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਅਸੀ ਆਪਣੀ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਅਤੇ ਧਰਮ, ਵਰਗ, ਜਾਤੀ ਸਮੁਦਾਇ, ਭਾਸ਼ਾ ਜਾਂ ਕਿਸੇ ਲਾਲਚ ਤੋਂ ਬਗੈਰ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ। ’
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਵੋਟਿੰਗ ਮਸ਼ੀਨ ਤੇ ਵੋਟ ਪਾਉਣਾ ਅਤੇ ਵੀ.ਵੀ.ਪੀ.ਟੀ ’ਤੇ ਆਪਣੀ ਅੱਖੀਂ ਆਪਣੀ ਵੋਟ ਦੀ ਤਸਦੀਕ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਲੋਕਤੰਤਰ ਦੀ ਮਜ਼ਬੂਤ ਲਈ ਯੋਗ ਵੋਟਰਾਂ ਨੂੰ ਆਪਣੀ ਵੋਟ ਜਲਦ ਤੋਂ ਜਲਦ ਬਣਵਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮੱਤਦਾਨ ਦੀ ਵਰਤੋਂ ਕਰ ਸਕਣ।