ਹੋਰ ਗੁਰਦਾਸਪੁਰ ਪੰਜਾਬ

ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ

ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ
  • PublishedDecember 9, 2021

ਕਿਹਾ ਨਾ ਮਿਲਿਆਂ 3100 ਰੁਪਏ, ਨਾ ਮਿਲੇ ਪੰਜ ਮਰਲੇ ਦੇ ਪਲਾਟ, ਨਾ ਲੱਭੀ ਲਾਲ ਲਕੀਰ ਦੀ ਮਾਲਕੀ ਅਤੇ ਨਹੀਂ ਹੋਇਆ ਰੇਤਾ, ਕੇਬਲ ਸਸਤਾ

ਗੁਰਦਾਸਪੁਰ, 9 ਦਿਸੰਬਰ (ਮੰਨਣ ਸੈਣੀ)। ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (IFTU) ਵੱਲੋਂ ਉਸਾਰੀ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਡੀਸੀ ਗੁਰਦਾਸਪੁਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।

ਧਰਨੇ ਦਾ ਆਯੋਜਨ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਪਨਿਆੜ, ਜ਼ਿਲ੍ਹਾ ਆਗੂ ਸੁਖਦੇਵ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ, ਜਤਿੰਦਰ ਬਿੱਟੂ ਈਸਾਪੁਰ, ਗੁਰਮੀਤ ਰਾਜ ਪਾਹੜਾ, ਗੁਰਮੇਜ਼ ਸਿੰਘ ਮਾਨ, ਕੁੰਦਨ ਲਾਲ, ਡਾ. ਬਿੱਟੂ ਮੀਰਪੁਰ ਵਲੋਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਨਿਸ਼ਾਨ ਸਿੰਘ, ਜੋਗਿੰਦਰ ਸਿੰਘ ਟੋਨੀ, ਕੁਲਦੀਪ ਸਿੰਘ ਅਤੇ ਲਾਲ ਮਸੀਹ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਮਜ਼ਦੂਰ ਪੱਖੀ ਕਾਨੂੰਨਾਂ ਵਿੱਚ ਸੋਧ ਕਰਕੇ ਦੇਸ਼ ਦੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦਾ ਆਰਥਿਕ ਸ਼ੋਸ਼ਣ ਕਰਨ ਦੀ ਖੁੱਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 44 ਦੇ ਕਰੀਬ ਕਾਨੂੰਨਾਂ ਨੂੰ 4 ਕੋਡਾਂ ਵਿੱਚ ਤਬਦੀਲ ਕਰਕੇ ਮਜ਼ਦੂਰ ਵਿਰੋਧੀ ਕੰਮ ਕੀਤਾ ਹੈ, ਪੰਜਾਬ ਸਰਕਾਰ ਵੀ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ। ਨਾ ਹੀ ਮੁੱਖ ਮੰਤਰੀ ਵੱਲੋਂ 3100 ਦਾ ਐਲਾਨ ਕਿਸੇ ਦੇ ਖਾਤੇ ਵਿੱਚ ਆਇਆ ਹੈ ਅਤੇ ਨਾ ਹੀ ਪੰਜ ਮਰਲੇ ਦੇ ਪਲਾਟ ਮਿਲੇ ਹਨ। ਲਾਲ ਲਕੀਰ ਦੀ ਮਾਲਕੀ ਵੀ ਨਹੀਂ ਲੱਭੀ। ਰੇਤ ਸਸਤੀ ਨਹੀਂ ਹੋਈ ਅਤੇ ਨਾ ਹੀ ਕੇਬਲ ਦਾ ਬਿੱਲ ਘਟਿਆ ਹੈ।

ਉਸਾਰੀ ਮਜ਼ਦੂਰਾਂ ਦੇ ਲੰਮੇ ਸੰਘਰਸ਼ ਤੋਂ ਬਾਅਦ ਉਸਾਰੀ ਭਲਾਈ ਬੋਰਡ ਦਾ ਗਠਨ ਕੀਤਾ ਗਿਆ ਸੀ। ਜਿਸ ਰਾਹੀਂ ਪੰਜਾਬ ਦੇ ਮਜ਼ਦੂਰਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀਆਂ ਸਬ-ਡਵੀਜ਼ਨਾਂ ਨੂੰ ਵੱਖ-ਵੱਖ ਸਕੀਮਾਂ ਲਈ ਇੱਕ ਪੈਸਾ ਵੀ ਨਹੀਂ ਮਿਲਿਆ ਹੈ। ਜਿਸ ਕਾਰਨ ਮਜ਼ਦੂਰਾਂ ਨੂੰ ਲਾਭ ਨਾ ਮਿਲਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੱਖਾਂ ਮਜ਼ਦੂਰਾਂ ਨੂੰ ਕਰੋੜਾਂ ਰੁਪਏ ਦੇ ਲਾਭਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। 2017 ਤੋਂ ਉਸਾਰੀ ਬੋਰਡ ਨੂੰ ਆਨਲਾਈਨ ਕਰਨ ਦੇ ਨਾਂ ‘ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ 20 ਦਸੰਬਰ ਤੋਂ ਉਸਾਰੀ ਮਜ਼ਦੂਰ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਦਿਨ-ਰਾਤ ਦਾ ਧਰਨਾ ਦੇਣਗੇ।

Written By
The Punjab Wire