ਵਿਧਾਨ ਸਭਾ ਚੋਣਾਂ-2022 ਵਿਚ ਵੱਧ ਤੋਂ ਵੱਧ ਮੱਤਦਾਨ ਕਰਕੇ ਆਪਣੇ ਪੋਲਿੰਗ ਬੂਥ ਤੇ ਜ਼ਿਲੇ ਦਾ ਮਾਣ ਵਧਾਓ
ਬਟਾਲਾ, 10 ਦਸੰਬਰ ( ਮੰਨਣ ਸੈਣੀ ) । ਡਿਪਟੀ ਕਮਿਸਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਸੁਨੇਹਾ ਦਿੱਤਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਹਰ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣੀ ਹਿੱਸੇਦਾਰੀ ਪਾਉਣ ਦੇ ਨਾਲ ਆਪਣੇ ਪੋਲਿੰਗ ਬੂਥ ਦਾ ਮਾਣ ਵਧਾਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਦੌਰਾਨ, ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਸਟੇਟ ਪ੍ਰਤੀਸ਼ਤ 77.40 ਨਾਲੋ ਘੱਟ ਪੋਲਿੰਗ ਹੋਈ ਸੀ ਉਨਾਂ ਪੋਲਿੰਗ ਸਟੇਸ਼ਨਾਂ ’ਤੇ ਮਾਨਯੋਗ ਚੋਣ ਕਮਿਸ਼ਨ ਵੱਲੋਂ ਇਸ ਵਾਰ ਪੋਲਿੰਗ ਵਧਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲੇ ਵਿੱਚ ਇਸ ਵਾਰ ਪੋਲਿੰਗ ਪ੍ਰਤੀਸ਼ਤਾ ਵਧਾਉਣ, ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੋਟਿੰਗ ਮਸ਼ੀਨਾਂ ਅਤੇ ਵੀਵੀਪੈਟ ਬਾਰੇ ਜਾਗਰੂਕ ਕਰਨ ਲਈ ਹਰੇਕ ਚੋਣ ਹਲਕੇ ਵਿੱਚ ਮੋਬਾਇਲ ਵੈਨਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮੂਹ ਚੋਣਕਾਰ ਰਜਿਸ਼ਟ੍ਰੇਸ਼ਨ ਅਧਿਕਾਰੀਆਂ, ਸਹਾਇਕ ਚੋਣਕਾਰ ਰਜਿਸ਼ਟ੍ਰੇਸ਼ਨ ਅਫ਼ਸਰ, ਨੋਡਲ ਅਫ਼ਸਰ ਸਵੀਪ, ਸਬੰਧਤ ਸੁਪਵਾਈਜ਼ਰ ਅਤੇ ਬੀ.ਐਲ.ਓਜ਼ ਸਾਂਝੇ ਤੌਰ ’ਤੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵੋਟਰਾਂ ਨੂੰ ਵੋਟ ਪਾਉਣ ਲੲ ਜਾਗਰੂਕ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਆਪਣੇ ਸੁਨੇਹੇ ਵਿੱਚ ਕਿਹਾ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਆਪਣੀ ਵੋਟ ਜਰੂਰ ਬਣਾਵੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।