ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਡੀ.ਐਮ ਦਾ ਰੀਡਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 13 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁਢਲਾਡਾ ਜਿਲਾ ਮਾਨਸਾ ਵਿਖੇ ਐਸ.ਡੀ.ਐਮ ਦਫਤਰ ਵਿਖੇ ਤਾਇਨਾਤ ਰੀਡਰ ਰਣਜੀਤ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੀਡਰ ਨੂੰ ਸ਼ਿਕਾਇਤਕਰਤਾ ਗੁਰਜੀਤ ਸਿੰਘ ਵਾਸੀ ਪਿੰਡ ਟਾਹਲੀਆਂ, ਤਹਿਸੀਲ ਬੁਢਲਾਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਦੁਕਾਨ ਦੀ ਜਗ੍ਹਾ ਦਾ ਮੁਆਵਜਾ ਦਿਵਾਉਣ ਬਦਲੇ ਉਕਤ ਰੀਡਰ ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Exit mobile version