ਗੁਰਦਾਸਪੁਰ, 17 ਦਸੰਬਰ (ਮੰਨਣ ਸੈਣੀ )। ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਤੇ ਮਾਣਯੋਗ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰਕੂਤਾ ਮੋਬਾਇਲ ਵੈਨ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਗੁਰਦਾਸਪੁਰ ਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਵੀ ਮੋਜੂਦ ਸਨ।
ਸਥਾਨਕ ਪੰਚਾਇਤ ਭਵਨ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਵਿਚ ਜਾ ਕੇ ਸੀ-ਵਿਜ਼ਲ ਐਪ ਨੂੰ ਡਾਊਨਲੋਡ ਕਰਨ ਤੇ ਉਸਦੀ ਵਰਤੋਂ ਬਾਰੇ ਜਾਣਕਾਰੀ ਦੇਵੇਗੀ। ਇਸ ਐਪਲੀਕੇਸ਼ਨ ਰਾਹੀਂ ਲੋਕ ਚੋਣਾਂ ਸਬੰਧੀ ਤੇ ਵਿਸ਼ੇਸ ਕਰਕੇ ਆਦਰਸ਼ ਚੋਣ ਜ਼ਾਬਤੇ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਦਰਜ ਕਰਵਾ ਸਕਣਗੇ ਤੇ 100 ਮਿੰਟ ਦੇ ਅੰਦਰ-ਅੰਦਰ ਇਸਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ ਅਭਿਆਨ ਵਿੱਢਿਆ ਗਿਆ ਹੈ ਅਤੇ ਖਾਸਕਰਕੇ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਵੋਟਰ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਲੋਕਤੰਤਰ ਦੀ ਮਜ਼ਬੂਤ ਲਈ ਯੋਗ ਵੋਟਰਾਂ ਨੂੰ ਆਪਣੀ ਵੋਟ ਜਲਦ ਤੋਂ ਜਲਦ ਬਣਵਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮੱਤਦਾਨ ਦੀ ਵਰਤੋਂ ਕਰ ਸਕਣ। ਉਨਾਂ ਅੱਗੇ ਦੱਸਿਆ ਕਿ ਜਿਲੇ ਅੰਦਰ ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀਆਂ ਚੋਣਾਂ ਵਿਚ ਪੋਲਿੰਗ ਘੱਟ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ ਤੌਰ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਸ ਖੇਤਰ ਵਿੱਚ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।