ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪੰਜਾਬ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਅਸਲ ਸਾਜਿਸ਼ਕਾਰਾਂ ਨੂੰ ਬੇਪਰਦ ਕਰਨ ਲਈ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ : ਮੁੱਖ ਮੰਤਰੀ ਚੰਨੀ

ਪੰਜਾਬ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਅਸਲ ਸਾਜਿਸ਼ਕਾਰਾਂ ਨੂੰ ਬੇਪਰਦ ਕਰਨ ਲਈ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ  : ਮੁੱਖ ਮੰਤਰੀ ਚੰਨੀ
  • PublishedDecember 19, 2021

ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ; ਲੋਕਾਂ ਨੂੰ ਧਾਰਮਿਕ ਸਥਾਨਾਂ ’ਤੇ ਚੁਕੰਨੇ ਰਹਿ ਕੇ ਸਾਂਭ ਸੰਭਾਲ ਦੀ ਕੀਤੀ ਅਪੀਲ ਕਾਨੂੰਨ-

ਵਿਵਸਥਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਅੰਮਿ੍ਰਤਸਰ, 19 ਦਸੰਬਰ: ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ ਤਾਂ ਜੋ ਇਸ ਗ਼ੈਰ-ਇਖ਼ਲਾਕੀ ਤੇ ਮੰਦਭਾਗੇ ਕਾਰੇ ਦੇ ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਘਟਨਾ ਨੂੰ ਘਿਨਾਉਣਾ ਤੇ ਮੰਦਭਾਗੀ ਦੱਸਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਸਗੋਂ ਸਾਡੇ ਹਿਰਦੇ ਵੀ ਵਲੂੰਦਰੇ ਗਏ ਹਨ। ਉਨਾਂ ਕਿਹਾ ਕਿ ਇਸ ਨੂੰ ਠੱਲ ਪਾਉਣ ਦੀ ਲੋੜ ਹੈ ਅਤੇ ਇਸ ਦੀ ਸਖ਼ਤ ਤੋਂ ਸਖਤ ਸ਼ਬਦਾਂ ਵਿੱਚ ਨਿੰਦਾ ਕਰਨੀ ਬਣਦੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਏਜੰਸੀ ਜਾਂ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਮਨਸੂਬਿਆਂ ਨੂੰ ਢਹਿ-ਢੇਰੀ ਕਰਨ ਲਈ ਕਿਸੇ ਵੀ ਧਰਮ ਜਾਂ ਆਸਥਾ ਨਾਲ ਸਬੰਧਤ ਥਾਂਵਾਂ ਜਿਵੇਂ ਗੁਰਦੁਆਰੇ, ਮੰਦਰਾਂ ਸਮੇਤ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ  ਪੂਰੇ ਸੁਚੇਤ ਰਹਿੰਦਿਆਂ ਪੂਰੀ ਨਿਗਾਰਨੀ ਰੱਖੀ ਜਾਵੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਦੀ ਸੰਵੇਦਨਸ਼ੀਲ ਸਥਿਤੀ ਮੱਦੇਨਜ਼ਰ ਸੰਜਮ ਰੱਖਣ ਅਤੇ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਣਸ਼ੀਲਤਾ ਵਿੱਚ ਅਟੁੱਟ ਭਰੋਸਾ ਬਣਾ ਕੇ ਰੱਖਣ। ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਮੰਦਭਾਗੀਆਂ ਤੇ ਗ਼ੈਰ-ਇਖ਼ਲਾਕੀ ਘਟਨਾਵਾਂ ਦੇ ਮੁੜ ਵਾਪਰਨ ਬਾਰੇ ਪੁੱਛੇ ਇੱਕ ਮੀਡੀਆ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੀਆਂ ਖੁਫੀਆ ਏਜੰਸੀਆਂ ਅਤੇ ਪੁਲਿਸ ਸਮਾਜ ਵਿਰੋਧੀ ਤੱਤਾਂ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਠੱਲ ਪਾਉਣ ਲਈ ਸਰਗਰਮੀ ਨਾਲ ਜੁਟੀ ਹੋਈ ਹੈ। ਉਨਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਸੂਬੇ ਭਰ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦਿ੍ਰੜ ਸੰਕਲਪ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ  ਕਿਸੇ ਵੀ ਕੀਮਤ ‘ਤੇ ਸੂਬੇ ਦੇ ਸੁਖਾਵੇਂ ਮਾਹੌਲ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Written By
The Punjab Wire