ਚੰਡੀਗੜ੍ਹ, 28 ਦਸੰਬਰ: ਓਮੀਕਰੋਨ ਅਤੇ ਤੀਜੀ ਲਹਿਰ ਦਾ ਖ਼ਤਰਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਅੱਜ 28 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਹਨਾਂ ਵਿੱਚੋਂ 7 ਮੈਡੀਸਨ ਸਪੈਸ਼ਲਿਸਟ, 8 ਐਨੇਸਥੀਟਿਸਟ, 6 ਬਾਲ ਰੋਗ ਮਾਹਿਰ, 5 ਗਾਇਨੀਕੋਲੋਜਿਸਟ ਸ਼ਾਮਲ ਹਨ।
ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ `ਘਰ-ਘਰ ਰੋਜ਼ਗਾਰ` ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਮੈਡੀਕਲ ਅਫ਼ਸਰਾਂ ਸਮੇਤ ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀਆਂ 13000 ਤੋਂ ਵੱਧ ਅਸਾਮੀਆਂ `ਤੇ ਭਰਤੀ ਮੁਕੰਮਲ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦਾ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਸਪੈਸ਼ਲਿਸਟ ਡਾਕਟਰਾਂ ਦੀਆਂ 423 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਅਤੇ ਪੰਜਾਬ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸ੍ਰੀ ਸੋਨੀ ਨੇ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਵਾਕ-ਇਨ-ਇੰਟਰਵਿਊ ਲੈਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਨ੍ਹਾਂ ਅਫ਼ਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਉਨ੍ਹਾਂ ਦਾ ਵਾਕ-ਇਨ-ਇੰਟਰਵਿਊ 11 ਦਸੰਬਰ ਨੂੰ ਹੋ ਗਿਆ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਹਰ ਮਹੀਨੇ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਲਈ ਅਜਿਹੀ ਵਾਕ ਇਨ ਇੰਟਰਵਿਊ ਕਰਵਾਈ ਜਾਵੇਗੀ।
ਸ੍ਰੀ ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਪ੍ਰਮੁੱਖ ਸਕੱਤਰ ਸਿਹਤ, ਰਾਜ ਕਮਲ ਚੌਧਰੀ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਡਾਕਟਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਮਹਾਂਮਾਰੀ ਦੇ ਇਸ ਦੌਰ ਵਿੱਚ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਕੇ ਅਤੇ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਯੋਗਦਾਨ ਦੇ ਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ.ਅੰਦੇਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।