ਗੁਰਦਾਸਪੁਰ, 3 ਜਨਵਰੀ (ਮੰਨਣ ਸੈਣੀ)। ਮਿਲਕ ਪਲਾਂਟ ਗੁਰਦਾਸਪੁਰ ਦੇ ਸਮੂਹ ਡਾਇਰੈਕਟਰਾਂ ਦੀ ਸਰਬਸੰਮਤੀ ਨਾਲ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸ਼ਰਮਾ ਨੂੰ ਮਿਲਕ ਪਲਾਂਟ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਹੈ। ਸੋਮਵਾਰ ਨੂੰ ਸੁਰਿੰਦਰ ਸ਼ਰਮਾ ਨੂੰ ਉਹਦੇ ਤੇ ਬਿਠਾਉਣ ਲਈ ਵਿਸ਼ੇਸ਼ ਤੋਰ ਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਮਿਲਕਫੈੱਡ ਪੰਜਾਬ ਦੇ ਚੇਅਰਮੈਨ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਸੁਰਿੰਦਰ ਸ਼ਰਮਾ ਪੁਰਾਣੇ ਅਤੇ ਸੀਨੀਅਰ ਕਾਂਗਰਸੀ ਆਗੂ ਹਨ, ਜੋ ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਪਾਰਟੀ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਮਿਲਕ ਪਲਾਂਟ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਪੁਰਾਣੇ ਅਤੇ ਇਮਾਨਦਾਰ ਵਰਕਰਾਂ ਦਾ ਹਮੇਸ਼ਾ ਹੀ ਸਤਿਕਾਰ ਕੀਤਾ ਜਾਂਦਾ ਹੈ।
ਨਵ-ਨਿਯੁਕਤ ਚੇਅਰਮੈਨ ਸੁਰਿੰਦਰ ਸ਼ਰਮਾ ਨੇ ਆਪਣੀ ਨਿਯੁਕਤੀ ਲਈ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਿਲਕਫੈੱਡ ਪੰਜਾਬ ਦੇ ਚੇਅਰਮੈਨ ਬਰਿੰਦਰਮੀਤ ਸਿੰਘ ਪਾਹੜਾ ਅਤੇ ਸਮੂਹ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮਿਲਕ ਪਲਾਂਟ ਦੀ ਤਰੱਕੀ ਲਈ ਉਪਰਾਲੇ ਕਰਨਗੇ। ਇਸ ਮੌਕੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੀ ਚੇਅਰਮੈਨ ਰੰਜੂ ਸ਼ਰਮਾ ਤੋਂ ਇਲਾਵਾ ਮਿਲਕ ਪਲਾਂਟ ਦੇ ਡਾਇਰੈਕਟਰ ਦਿਲਰਾਜ ਸਿੰਘ, ਰਵੇਲ ਸਿੰਘ, ਸਵਿੰਦਰ ਸਿੰਘ, ਪਲਵਿੰਦਰ ਸਿੰਘ, ਸੁਰਿੰਦਰ ਸ਼ਰਮਾ ਆਦਿ ਹਾਜ਼ਰ ਸਨ। , ਬਲਵਿੰਦਰ ਸਿੰਘ ਸਿੱਧਵਾਂ ਜਾਮੀਆਂ, ਕੁਲਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਤਿੱਬੜੀ, ਹਰਮਨਦੀਪ ਸਿੰਘ, ਜੈਮਲ ਸਿੰਘ ਆਦਿ ਹਾਜ਼ਰ ਸਨ।