ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪੰਜਾਬ ‘ਚ ਸੁਰੱਖਿਆ ‘ਚ ਢਿੱਲ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਉਪ ਰਾਸ਼ਟਰਪਤੀ ਨੇ ਵੀ ਪ੍ਰਗਟਾਈ ਚਿੰਤਾ

ਪੰਜਾਬ ‘ਚ ਸੁਰੱਖਿਆ ‘ਚ ਢਿੱਲ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਉਪ ਰਾਸ਼ਟਰਪਤੀ ਨੇ ਵੀ ਪ੍ਰਗਟਾਈ ਚਿੰਤਾ
  • PublishedJanuary 6, 2022

ਨਵੀਂ ਦਿੱਲੀ, 6 ਜਨਵਰੀ। ਵੀਰਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਪੁੱਜ ਕੇ ਦੇਸ਼ ਦੇ ਰਾਸ਼ਟਰ ਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਇਸ ਮੁਲਾਕਾਤ ਦੌਰਾਨ ਆਪਣੇ ਬੁੱਧਵਾਰ ਦੇ ਪੰਜਾਬ ਦੌਰੇ ਦੌਰਾਨ ਸੁਰੱਖ਼ਿਆ ਵਿੱਚ ਹੋਈ ਅਣਗਹਿਲੀ ਦਮੇ ਮਾਮਲੇ ਵਿੱਚ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ। ਇਸ ਗੱਲ ਦੀ ਤਫ਼ਸੀਲ ਜਾਣਨ ਮਗਰੋਂ ਰਾਸ਼ਟਰਪਤੀ ਕੋਵਿੰਦ ਨੇ ਇਸ ਸੁਰੱਖ਼ਿਆ ਅਣਗਹਿਲੀ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

ਉਪ ਰਾਸ਼ਟਰਪਤੀ ਨੇ ਪੀਐਮ ਮੋਦੀ ਨਾਲ ਗੱਲਬਾਤ ਕੀਤੀ
ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਪੀਐੱਮ ਮੋਦੀ ਨਾਲ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਕਮੀ ‘ਤੇ ਗੱਲ ਕੀਤੀ ਅਤੇ ਡੂੰਘੀ ਚਿੰਤਾ ਪ੍ਰਗਟਾਈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ, ਉਪ ਰਾਸ਼ਟਰਪਤੀ ਨੇ ਉਮੀਦ ਕੀਤੀ ਕਿ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀ ਕੁਤਾਹੀ ਮੁੜ ਨਾ ਵਾਪਰੇ।

ਪ੍ਰਧਾਨ ਮੰਤਰੀ ਦੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਹਿਯੋਗੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਹੀ ਰਾਜ ਦੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਸੀ।

ਇਸ ਤੋਂ ਇਲਾਵਾ ਭਾਜਪਾ ਦੇ ਕਈ ਕੇਂਦਰੀ ਮੰਤਰੀਆਂ, ਕੌਮੀ ਆਗੂਆਂ ਅਤੇ ਹੋਰਨਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਕੇ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕੀਤੀ ਹੈ ਪਰ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ ਭਾਜਪਾ ਦੇ ਵਫ਼ਦ ਨੇ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਨਾ ਕਰਦਿਆਂ ਰਾਜ ਦੇ ਗ੍ਰਹਿ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਡੀ.ਜੀ.ਪੀ. ਸ੍ਰੀ ਸਿਧਾਰਥ ਚੱਟੋਪਾਧਿਆਏ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

Written By
The Punjab Wire