ਪਤੰਗਬਾਜ਼ੀ ਲਈ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ

ਬਟਾਲਾ, 11 ਜਨਵਰੀ ( ਮੰਨਣ ਸੈਣੀ) । ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਕਰਨ ਸਮੇਂ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਹ ਡੋਰ ਮਨੁੱਖਾਂ ਅਤੇ ਪੰਛੀਆਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਡੋਰ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ/ਸਿੰਥੈਟਿਕ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ `ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ `ਤੇ ਮੁਕੰਮਲ ਤੌਰ `ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਇਸ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਪਤੰਗਬਾਜ਼ੀ ਲਈ ਕੀਤੀ ਜਾਂ ਜਿਸ ਦੁਕਾਨਦਾਰ ਨੇ ਇਸ ਡੋਰ ਦੀ ਵਿਕਰੀ ਕੀਤੀ, ਉਸ ਖਿਲਾਫ ਕਾਨੂੰਨ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।    

Exit mobile version