ਲਗਾਇਆ ਆਰੋਪ ਮੁੱਖ ਮੰਤਰੀ ਚੰਨੀ ਅਤੇ ਸਿੱਧੂ ਦੇ ਇਸ਼ਾਰੇ ’ਤੇ ਮੁਸਤਫ਼ਾ ਨੇ ਦਿੱਤਾ ਭੜਕਾਊ ਬਿਆਨ, ਅਜਿਹੇ ਬਿਆਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖ਼ਿਲਾਫ਼: ਰਾਘਵ ਚੱਢਾ
ਨਵਜੋਤ ਸਿੱਧੂ ਦੇ ਸਲਾਹਕਾਰ ਮੁਸਤਫ਼ਾ ਦੇ ‘ਝਾੜੂ ਵਾਲਿਆਂ ਨੂੰ ਘਰ ’ਚ ਵੜ ਕੇ ਮਾਰਾਂਗੇ’ ਵਾਲੇ ਬਿਆਨ ‘ਆਪ’ ਆਗੂਆਂ ਨੇ ਜਤਾਈ ਨਰਾਜ਼ਗੀ, ਚੋਣ ਕਮਿਸ਼ਨ ਤੋਂ ਸਖ਼ਤ ਕਾਰਵਾਈ ਦੀ ਮੰਗ
ਚੰਡੀਗੜ੍ਹ, 22 ਜਨਵਰੀ । ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੱਮਦ ਮੁਸਤਫ਼ਾ ਦੇ ਭੜਕਾਊ ਬਿਆਨ ‘ਝਾੜੂ ਵਾਲਿਆਂ ਨੂੰ ਘਰ ’ਚ ਵੜ ਕੇ ਮਾਰਾਂਗੇ’ ਬਾਰੇ ਸਖ਼ਤ ਨਰਾਜ਼ਗੀ ਜਤਾਈ ਹੈ ਅਤੇ ਕਿਹਾ ਕਿ ਕਾਂਗਰਸ ਇੱਕ ਸਾਜਿਸ਼ ਦੇ ਤਹਿਤ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਾਂਗਰਸੀ ਆਗੂ ਅਤੇ ਉਸ ਦੇ ਸਲਾਹਕਾਰ ਅਜਿਹੇ ਭੜਕਾਊ ਬਿਆਨ ਦੇ ਰਹੇ ਹਨ। ਇਸ ਤਰ੍ਹਾਂ ਦੇ ਬਿਆਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖ਼ਿਲਾਫ਼ ਹੈ।
ਚੱਢਾ ਨੇ ਦੋਸ਼ ਲਾਇਆ ਕਿ ਮੁਸਤਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਦੇ ਕਰੀਬੀ ਹਨ। ਚੰਨੀ ਅਤੇ ਸਿੱਧੂ ਦੇ ਇਸ਼ਾਰੇ ’ਤੇ ਹੀ ਮੁਸਤਫ਼ਾ ਨੇ ਅਜਿਹਾ ਬਿਆਨ ਦਿੱਤਾ ਹੈ। ਅਜਿਹੇ ਬਿਆਨਾਂ ਤੋਂ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਦਾ ਪਤਾ ਚੱਲਦਾ ਹੈ। ਚੱਢਾ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਨੂੰ ਮੁਸਤਫ਼ਾ ਦੇ ਭੜਕਾਊ ਬਿਆਨ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਚੋਣਾ ਸਮੇਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਮੁਸਤਫ਼ਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
ਚੱਢਾ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਸ਼ਾਂਤੀ ਦੀ ਜ਼ਰੂਰਤ ਹੈ। ਅੱਜ ਪੰਜਾਬ ਨੂੰ ਬੋਲਣ ਵਾਲੇ ਲੋਕਾਂ ਦੀ ਨਹੀਂ, ਬਲਕਿ ਜੋੜਨ ਵਾਲੇ ਲੋਕਾਂ ਦੀ ਜ਼ਰੂਰਤ ਹੈ। ਇਸ ਤਰ੍ਹਾਂ ਦੇ ਭੜਕਾਊ ਬਿਆਨ ਸਮਾਜ ਨੂੰ ਸਿਰਫ਼ ਤੇ ਸਿਰਫ਼ ਨੁਕਸਾਨ ਹੀ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਕਰੇਗੀ ਅਤੇ ਸਮਾਜ ਦੀ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ’ਤੇ ਕਾਰਵਾਈ ਕਰਕੇ ਲੋਕਾਂ ਦੀ ਸੁਰੱਖਿਆ ਪੱਕੀ ਕਰੇਗੀ।