ਗੁਰਦਾਸਪੁਰ, 9 ਫਰਵਰੀ (ਮੰਨਣ ਸੈਣੀ)। ਪੰਜਾਬ ਵਿੱਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ, ਉਹ ਕਾਂਗਰਸ ਪਾਰਟੀ ਦੇ ਸਮੇਂ ਦੌਰਾਨ ਹੋਏ ਹਨ। ਜਦੋਂ ਕਿ ਵਿਰੋਧੀ ਪਾਰਟੀ ਅਕਾਲੀ ਦਲ ਨੇ ਵਿਕਾਸ ਕਰਵਾਉਣ ਦੀ ਬਜਾਏ ਲੋਕਾਂ ਨੂੰ ਝੂਠੇ ਵਾਅਦੇ ਦਿੱਤੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਉਮੀਦਵਾਰ ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸ਼ਹਿਜ਼ਾਦਾ ਨੰਗਲ ਦੇ ਵਾਰਡ ਨੰ: 25 ਅਤੇ ਵਾਰਡ ਨੰ: 9 ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ |
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਜੇਕਰ ਉਨ੍ਹਾਂ ਦੇ ਮੰਤਰੀਆਂ ਨੇ ਵਿਕਾਸ ਕਰਵਾਇਆ ਹੈ ਤਾਂ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਚਹੇਤਿਆਂ ਦਾ। ਭਾਵੇਂ ਉਸ ਸਮੇਂ ਭ੍ਰਿਸ਼ਟਾਚਾਰ ਦਾ ਬਹੁਤ ਬੋਲਬਾਲਾ ਸੀ ਪਰ ਜਦੋਂ ਤੋਂ ਕਾਂਗਰਸ ਪਾਰਟੀ ਸੱਤਾ ਵਿੱਚ ਆਈ ਹੈ, ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਪਾਰਟੀ ਨੇ ਭ੍ਰਿਸ਼ਟਾਚਾਰ ਦਾ ਵੀ ਖ਼ਾਤਮਾ ਕੀਤਾ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ ਜਦਕਿ ਇਸ ਵਾਰ ਕਰਾਰੀ ਹਾਰ ਮਿਲਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੋਂਦ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਝੂਠੇ ਵਾਅਦਿਆਂ ਤੋਂ ਬਾਜ਼ ਆਉਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।