ਗੁਰਦਾਸਪੁਰ, 20 ਫਰਵਰੀ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭੋਜਰਾਜ ਦੇ ਰਵਿਦਾਸ ਮੰਦਰ ਦੇ ਪੁਜਾਰੀ ਠੂਡਾ ਰਾਮ ਦਾ ਐਤਵਾਰ ਸਵੇਰੇ ਕਰੀਬ ਛੇ ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਮੌਕੇ ’ਤੇ ਪੁੱਜੇ। ਜਿਸ ਤੋਂ ਬਾਅਦ ਲੋਕਾਂ ਨੇ ਕਾਤਲ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਵੋਟਿੰਗ ਕਰਨ ਤੋਂ ਮਨਾ ਕਰ ਦਿੱਤਾ।
ਭਾਵੇਂ ਮੌਕੇ ’ਤੇ ਪੁੱਜੇ ਉਕਤ ਉੱਚ ਅਧਿਕਾਰੀਆਂ ਨੇ ਵੋਟਾਂ ਦਾ ਕੰਮ ਜਾਰੀ ਰੱਖਣ ਲਈ ਕਿਹਾ ਪਰ ਲੋਕਾਂ ਨੇ ਉਨ੍ਹਾਂ ਦੀ ਗੱਲ ਪਹਿਲਾ ਨਾ ਸੁਣੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਤਾਂ ਇਕ ਔਰਤ ਸਾਹਮਣੇ ਆਈ, ਜਿਸ ਨੇ ਇਸ ਘਟਨਾ ਨੂੰ ਵੇਖਣ ਦੀ ਗੱਲ ਕਹੀ। ਜਿਸ ਤੋਂ ਬਾਅਦ ਪੁਲਸ ਨੇ ਕਤਲ ਦੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਕਰੀਬ ਤਿੰਨ ਘੰਟੇ ਬਾਅਦ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋਇਆ।
ਪੁਲੀਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੀ ਔਰਤ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਲਈ ਮੰਦਰ ਗਈ ਤਾਂ ਪੁਜਾਰੀ ਮੰਦਰ ਵਿੱਚ ਮੱਥਾ ਟੇਕ ਰਿਹਾ ਸੀ। ਇਸੇ ਦੌਰਾਨ ਪਿੰਡ ਦੇ ਹੀ ਨੌਜਵਾਨ ਬਲਵਿੰਦਰ ਸਿੰਘ ਪੁੱਤਰ ਨਗਾਰਾ ਸਿੰਘ ਸਿੰਘ ਨੇ ਪੁਜਾਰੀ ਦਾ ਸਿਰ ’ਤੇ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ। ਘਟਨਾ ਨੂੰ ਦੇਖ ਕੇ ਉਹ ਹੈਰਾਨ ਰਹਿ ਗਈ। ਪਰ ਬਾਅਦ ‘ਚ ਉਸ ਨੇ ਹਿੰਮਤ ਦਿਖਾਈ ਅਤੇ ਪੁਲਿਸ ਨੂੰ ਪੂਰੀ ਜਾਣਕਾਰੀ ਦਿੱਤੀ। ਇਸ ਸਬੰਧੀ ਪੁਲਿਸ ਥਾਣਾ ਘੁਮਾਣ ਕਲਾਂ ਦੀ ਪੁਲਿਸ ਵੱਲੋਂ ਪੁਜਾਰੀ ਦਾ ਕਤਲ ਕਰਨ ਵਾਲੇ ਦੋਸ਼ੀ ਬਲਵਿੰਦਰ ਸਿੰਘ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਜਾਰੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਪਾਲ ਨੇ ਕਿਹਾ ਕਿ ਪੁਜਾਰੀ ਦੀ ਹੱਤਿਆ ਕਾਰਨ ਰਵਿਦਾਸੀ ਭਾਈਚਾਰੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।
ਇਸ ਸੰਬੰਧੀ ਐਸਐਸਪੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਕਤਲ ਦੇ ਅਸਲੀ ਕਾਰਨਾਂ ਦਾ ਜਾਂਚ ਤੋਂ ਬਾਅਦ ਪਤਾ ਚਲ ਸਕੇਗਾ।