ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਅਹਿਦ ਸਮਾਰੋਹ ਯਾਦਗਾਰੀ ਰਿਹਾ
ਸਦਰ ਮੁਕਾਮ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਮਲੇ ਨੇ ਉਤਸ਼ਾਹਜਨਕ ਸ਼ਿਰਕਤ ਕੀਤੀ
ਗੁਰਦਾਸਪੁਰ 21 ਫ਼ਰਵਰੀ (ਮੰਨਣ ਸੈਣੀ)।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਆਈ.ਏ.ਐੱਸ. ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਸਟੇਟ ਤੇ ਨੈਸ਼ਨਲ ਐਵਾਰਡੀ) ਜ਼ਿਲ੍ਹਾ ਭਾਸ਼ਾ ਅਫ਼ਸਰ’, ਗੁਰਦਾਸਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਸਦਰ ਮੁਕਾਮ ‘ਤੇ ਸਥਿਤ ਵੱਖ- ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਅਮਲੇ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ-ਬੋਲੀ ਅਹਿਦ ਸਮਾਗਮ ਕਰਵਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਆਈ.ਏ.ਐੱਸ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਦੀ ਮੁਬਾਰਕਬਾਦ ਦਿੱਤੀ।
ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੀ ਮਾਂ-ਬੋਲੀ ਪ੍ਰਤੀ ਸੁਹਿਰਦ ਹੁੰਦੇ ਹੋਏ, ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਦੌਰਾਨ ਸ੍ਰੀਮਤੀ ਇਨਾਇਤ, ਪੀ.ਸੀ. ਐੱਸ, ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਵੀ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਠੀਕ 11 ਵਜੇ ਮਾਣਯੋਗ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ ਅਤੇ ਹਾਜ਼ਰ ਦਫ਼ਤਰੀ ਅਮਲੇ ਵੱਲੋਂ ਪੰਜਾਬੀ ਮਾਂ-ਬੋਲੀ ਦਾ ਅਹਿਦ ਵੀ ਲਿਆ ਗਿਆ। ਸਮਾਗਮ ਵਿੱਚ ਨਾਮੀ ਸ਼ਾਇਰ ਸੁੱਚਾ ਸਿੰਘ ਪਸਨਾਵਾਲ ਨੇ ਪੰਜਾਬੀ ਮਾਂ-ਬੋਲੀ ਤੇ ਆਪਣੀ ਇਕ ਨਜ਼ਮ ਸੁਣਾਈ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਮੌਕੇ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ ਪਰਮਜੀਤ ਸਿੰਘ ਕਲਸੀ (ਸਟੇਟ ਤੇ ਨੈਸ਼ਨਲ ਐਵਾਰਡੀ) ਨੇ ਆਪਣੇ ਭਾਸ਼ਾ ਵਿਭਾਗ ਗੁਰਦਾਸਪੁਰ ਵੱਲੋਂ ਮੁੱਖ-ਮਹਿਮਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਆਈ.ਏ.ਐੱਸ ਨੂੰ ਯਾਦਗਾਰੀ-ਚਿੰਨ੍ਹ ਭੇਂਟ ਕੀਤਾ। ਇਸ ਮੌਕੇ ਸਰਦਾਰ ਮਠਾਰੂ ਮੈਂਬਰ ਕਨਜ਼ਿਊਮਰ ਕੋਰਟ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ. ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀ ਮਦਨ ਲਾਲ ਸ਼ਰਮਾ, ਜਿਲਾ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਕਲਸੀ, ਮੀਡੀਆ ਇੰਚਾਰਜ ਗਗਨਦੀਪ ਸਿੰਘ, ਸੁਪਰਡੈਂਟ ਵਿਜੇ ਕੁਮਾਰ, ਸੁਪਰਡੈਂਟ ਸਰਬਜੀਤ ਸਿੰਘ ਮੁਲਤਾਨੀ, ਵਰਿੰਦਰ ਸਿੰਘ, ਸਟੇਟ ਐਵਾਰਡੀ ਸਤਿੰਦਰ ਕੌਰ ਕਾਹਲੋਂ ਆਦਿ ਅਧਿਕਾਰੀ ਹਾਜ਼ਰ ਸਨ ।