ਹੋਰ ਕ੍ਰਾਇਮ ਪੰਜਾਬ ਮੁੱਖ ਖ਼ਬਰ

ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਕੀਤਾ ਆਤਮ-ਸਮਰਪਣ

ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਕੀਤਾ ਆਤਮ-ਸਮਰਪਣ
  • PublishedFebruary 24, 2022

ਮੋਹਾਲੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਧੀਕ ਸੈਸ਼ਨ ਜੱਜ ਐਸਕੇ ਸਿੰਗਲਾ ਦੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਜੀਠੀਆ ਨੂੰ 23 ਫਰਵਰੀ ਤਕ ਰਾਹਤ ਦਿੰਦਿਆਂ ਉਸ ਤੋਂ ਬਾਅਦ ਆਤਮ-ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਦਰਅਸਲ, ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨ। ਇਸ ਸੀਟ ‘ਤੇ ਉਨ੍ਹਾਂ ਦਾ ਮੁਕਾਬਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ।

ਮਜੀਠੀਆ ਵੀਰਵਾਰ ਨੂੰ ਆਪਣੇ ਵਕੀਲਾਂ ਨਾਲ ਅਦਾਲਤ ਪਹੁੰਚੇ। ਇਸ ਮੌਕੇ ਡੇਰਾਬੱਸੀ ਦੇ ਵਿਧਾਇਕ ਐਨ.ਕੇ.ਸ਼ਰਮਾ, ਮੁਹਾਲੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸੋਹਾਣਾ ਸਮੇਤ ਸੈਂਕੜੇ ਅਕਾਲੀ ਸਮਰਥਕ ਵੀ ਉਨ੍ਹਾਂ ਦੇ ਨਾਲ ਸਨ। ਬਚਾਅ ਪੱਖ ਅਤੇ ਸਰਕਾਰੀ ਵਕੀਲਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ ਹੈ। ਮੀਡੀਆ ਨੂੰ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਬਾਅਦ ਹੀ ਉਹ ਨਿਯਮਤ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ।

ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਿਆ। ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ, ਪਰ ਹਾਈਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਪਹੁੰਚੇ।

Written By
The Punjab Wire