ਕੇਜਰੀਵਾਲ ਦੀ ਦਖਲਅੰਦਾਜ਼ੀ ਪੰਜਾਬ ਨੂੰ ਹੋਰ ਕਮਜ਼ੋਰ ਕਰੇਗੀ
ਚੰਡੀਗੜ੍ਹ, 21 ਮਾਰਚ। ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਪੰਜਾਬ ਤੋਂ ਐਲਾਨੀਆਂ ਗਈਆਂ ਪੰਜ ਨਾਮਜ਼ਦਗੀਆਂ ਨਾ ਸਿਰਫ਼ ਨਿਰਾਸ਼ਾਜਨਕ ਹਨ ਸਗੋਂ ਇਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਪੱਸ਼ਟ ਮੋਹਰ ਲੱਗ ਗਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |
ਖਹਿਰਾ ਨੇ ਕਿਹਾ ਕਿ ਉਹ ਇਸ ਪ੍ਰਭਾਵ ਹੇਠ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਦੇ ਉਪਰਲੇ ਸਦਨ ਵਿੱਚ ਪੰਜਾਬ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਨੂੰ ਯਕੀਨੀ ਬਣਾਉਣਗੇ ਤਾਂ ਜੋ ਉਹ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਣ। ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਸੰਜੀਵ ਅਰੋੜਾ ਅਤੇ ਹਰਭਜਨ ਸਿੰਘ ਨੂੰ ਨਾਮਜਦ ਕੀਤੇ ਜਾਣ ਤੋਂ ਲੱਗਦਾ ਹੈ ਕਿ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਅੱਗੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜਦੋਂ ਐਨਡੀ ਗੁਪਤਾ ਅਤੇ ਸੁਸ਼ੀਲ ਗੁਪਤਾ ਨੂੰ ਦਿੱਲੀ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ ਤਾਂ ਆਸ਼ੂਤੋਸ਼, ਕੁਮਾਰ ਵਿਸ਼ਵਾਸ ਅਤੇ ਆਸ਼ੀਸ਼ ਖੇਤਾਨ ਸਮੇਤ ‘ਆਪ’ ਦੇ ਕਈ ਸੀਨੀਅਰ ਨੇਤਾਵਾਂ ਨੇ ਬਿਨਾਂ ਕੋਈ ਕਾਰਨ ਦੱਸੇ ਪਾਰਟੀ ਛੱਡ ਦਿੱਤੀ ਸੀ ਕਿਉਂਕਿ ਉਹ ਕੇਜਰੀਵਾਲ ਤੋਂ ਬੇਹੱਦ ਨਿਰਾਸ਼ ਸਨ। ਅੱਜ ਪੰਜਾਬ ‘ਚ ਵੀ ਉਹੀ ਕੁੱਝ ਹੋਇਆ ਹੈ। ਖਹਿਰਾ ਨੇ ਕਿਹਾ ਕਿ ਉਸ ਸਮੇਂ ਕੇਜਰੀਵਾਲ ‘ਤੇ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਨੇ ਗੁਪਤਾ ਨੂੰ ਪਾਰਟੀ ਨੂੰ ਵੱਡੀ ਰਕਮ ਦਾਨ ਕਰਨ ਦੀ ਤਾਕਤ ਦੇ ਕਾਰਨ ਨਾਮਜ਼ਦ ਕੀਤਾ ਸੀ। ਖਹਿਰਾ ਨੇ ਕਿਹਾ ਕਿ ਜੇਕਰ ਭਗਵੰਤ ਕੇਜਰੀਵਾਲ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਬਹੁਤ ਜ਼ਿਆਦਾ ਦਖਲ ਦੇਣ ਦੀ ਇਜਾਜ਼ਤ ਦਿੰਦੇ ਹਨ ਤਾਂ ਇਹ ਸੂਬੇ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਵੱਡੇ ਫਤਵੇ ਦਾ ਨਿਰਾਦਰ ਹੋਵੇਗਾ।