ਹੋਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਹਰਜੋਤ ਸਿੰਘ ਬੈਂਸ ਨੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਜੋਤ ਸਿੰਘ ਬੈਂਸ ਨੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ
  • PublishedMarch 22, 2022

ਪੰਜਾਬ ਦੀ ਬਿਹਤਰੀ ਲਈ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ 24 ਘੰਟੇ ਕੰਮ ਕਰਾਂਗੇ: ਕੈਬਨਿਟ ਮੰਤਰੀ ਬੈਂਸ

ਚੰਡੀਗੜ੍ਹ, 22 ਮਾਰਚ: ਸ੍ਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਸਹੀ 9 ਵਜੇ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਸ੍ਰੀ ਬੈਂਸ ਨੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਦੀਆਂ ਰਸਮਾਂ ਮੁਕੰਮਲ ਕਰਨ ਉਪਰੰਤ ਸ੍ਰੀ ਬੈਂਸ ਵਿਧਾਨ ਸਭਾ ਸੈਸ਼ਨ ਵਿੱਚ ਸਮੇਂ ਸਿਰ ਸ਼ਾਮਲ ਹੋਣ ਲਈ ਰਵਾਨਾ ਹੋ ਗਏ।

ਜ਼ਿਕਰਯੋਗ ਹੈ ਕਿ ਗੈਰ-ਸਿਆਸੀ ਪਿਛੋਕੜ ਵਾਲੇ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।

ਹਰਜੋਤ ਸਿੰਘ ਬੈਂਸ ਨੇ 2014 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀ.ਏ. ਐਲ.ਐਲ.ਬੀ. (ਆਨਰਜ਼) ਅਤੇ 2018 ਵਿੱਚ ਲੰਡਨ ਸਕੂਲ ਆਫ਼ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ (ਐਲ.ਐਸ.ਈ.), ਲੰਡਨ ਯੂ.ਕੇ. ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੈ।

ਅਹੁਦਾ ਸੰਭਾਲਣ ਉਪਰੰਤ ਸ੍ਰੀ ਬੈਂਸ ਨੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ।” ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਵੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦੀ ਹਨ । ਉਹਨਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਸੂਬੇ ਦੀ ਬਿਹਤਰੀ ਲਈ 24 ਘੰਟੇ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਲਾਟ ਕੀਤੇ ਗਏ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ, “ਮੈਂ 3 ਤੋਂ 6 ਮਹੀਨਿਆਂ ਵਿੱਚ ਨਵੀਂ ਖਣਨ ਨੀਤੀ ਲਿਆਵਾਂਗਾ, ਜੋ ਕਿ ਮੁੱਖ ਰੂਪ ਵਿੱਚ ਸੂਬੇ ਦੇ ਖਜ਼ਾਨੇ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਅਤੇ ਬਚਾਏ ਗਏ ਆਮਦਨੀ ਸਰੋਤਾਂ ਦੀ ਵਰਤੋਂ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇਗੀ।”

ਪੰਜਾਬ ਦੀਆਂ ਜੇਲ੍ਹਾਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਲਾਟ ਕੀਤੇ ਵਿਭਾਗਾਂ ਵਿੱਚੋਂ ਜੇਲ੍ਹ ਮਹਿਕਮਾ ਬਹੁਤ ਸੰਵੇਦਨਸ਼ੀਲ ਹੈ ਅਤੇ ਉਹ ਜੇਲ੍ਹਾਂ ਅੰਦਰ ਹੋਣ ਵਾਲੀ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਸੁਧਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵੀ ਸਖ਼ਤ ਕਦਮ ਚੁੱਕੇ ਜਾਣਗੇ।

ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਦੱਸਦਿਆਂ ਕਿਹਾ ਕਿ ਉਹ ਪਿੰਡਾਂ ਦੇ ਸੱਭਿਆਚਾਰਕ ਵਿਰਸੇ ਅਤੇ ਗਤੀਵਿਧੀਆਂ ਨੂੰ ਉਜਾਗਰ ਕਰਨ ਲਈ ਆਪਣੇ ਪੱਧਰ ‘ਤੇ ਹਰ ਸੰਭਵ ਕੋਸ਼ਿਸ਼ ਕਰਨਗੇ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਣਗੀਆਂ।

Written By
The Punjab Wire