ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਮਾਰਚ:  ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ   ਆਲੋਕ ਸ਼ੇਖਰ,  ਅਮਿਤ ਕੁਮਾਰ ਆਈ.ਏ.ਐਸ., ਕੁਮਾਰ ਰਾਹੁਲ ਆਈ.ਏ.ਐਸ, ਭੁਪਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਅਹੁਦਾ ਸੰਭਾਲਣ ਉਪਰੰਤ ਡਾ. ਵਿਜੈ ਕੁਮਾਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।

ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿਚ ਨੰਬਰ ਇਕ ‘ਤੇ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ।

ਉਨ੍ਹਾਂ ਡਾਕਟਰਾਂ ਅਤੇ ਪੈਰਾਂ ਮੈਡੀਕਲ ਸਟਾਫ਼ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।

Exit mobile version