ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਹੁਦਾ ਸੰਭਾਲਿਆ
ਫੂਡ ਸਪਲਾਈ ਵਿਭਾਗ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਕਣਕ ਦੇ ਆਗਾਮੀ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 22 ਮਾਰਚ: ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਿਹਾਲਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰ, ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਸ਼ਾਮਲ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਪਾਰਟੀ ਲੀਡਰਸ਼ਿਪ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਆਮ ਲੋਕਾਂ ਵੱਲੋਂ ਬੇਮਿਸਾਲ ਫਤਵਾ ਮਿਲਿਆ ਹੈ ਜਿਸ ਕਰਕੇ ਇਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੰਤਰੀ ਨੇ ਅੱਗੇ ਕਿਹਾ ਕਿ ਉਹ ਤਿੰਨਾਂ ਵਿਭਾਗਾਂ ਬਾਰੇ ਫੀਡਬੈਕ ਲੈਣ ਲਈ ਜਲਦੀ ਹੀ ਇੱਕ ਮੀਟਿੰਗ ਕਰਨਗੇ ਜਿਨ੍ਹਾਂ ਦੇ ਕੰਮਕਾਜ ਦੀ ਨਿਯਮਤ ਅੰਤਰਾਲ ‘ਤੇ ਸਮੀਖਿਆ ਕੀਤੀ ਜਾਵੇਗੀ। ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, “ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”
ਇਸ ਉਪਰੰਤ ਮੰਤਰੀ ਨੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਖੁਰਾਕ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਰੇ ਡਿਪਟੀ ਡਾਇਰੈਕਟਰਾਂ ਅਤੇ ਡੀ.ਐਫ.ਐਸ.ਸੀਜ਼ ਨੂੰ ਆਗਾਮੀ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਹਾਜ਼ਰੀਨ ਨੂੰ ਇੱਕ ਟੀਮ ਵਜੋਂ ਕੰਮ ਕਰਨ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।