ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਦੀਆਂ ਦਿੱਤੀਆਂ ਹਦਾਇਤਾਂ
ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਕਾਲੀ ਦੁਆਰਾ ਮੰਦਰ ਦੇ ਰਸਤੇ ਨੂੰ ਹੈਰੀਟੇਜ ਸਟਰੀਟ ਵਜੋਂ ਵਿਕਸਤ ਕੀਤਾ ਜਾਵੇਗਾ – ਸ਼ੈਰੀ ਕਲਸੀ
ਬਟਾਲਾ, 24 ਮਾਰਚ ( ਮੰਨਣ ਸੈਣੀ ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅੱਜ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀ ਰਾਮ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਬਟਾਲਾ ਹਲਕੇ ਦੇ ਵਿਕਾਸ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਬਟਾਲਾ ਸ਼ਹਿਰ ਸਮੇਤ ਸਮੁੱਚੇ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਆਪਣੇ ਜਰੂਰੀ ਸੁਝਾਅ ਦਿੱਤੇ।
ਵਿਧਾਇਕ ਸ਼ੈਰੀ ਕਲਸੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦੇ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਜਿਹੜੀਆਂ ਗਲੀਆਂ/ਸੜਕਾਂ ’ਚ ਸੀਵਰੇਜ ਅਤੇ ਜਲ ਸਪਲਾਈ ਦਾ ਕੰਮ ਮੁਕੰਮਲ ਹੋ ਗਿਆ ਹੈ ਓਥੇ ਬਿਨ੍ਹਾਂ ਹੋਰ ਦੇਰੀ ਸੜਕਾਂ ਅਤੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਥੇ ਸ਼ਹਿਰ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਓਥੇ ਨਾਲ ਹੀ ਸ਼ਹਿਰ ਦੀ ਸੁੰਦਰਤਾ ਵਧਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਵਿਰਾਸਤੀ ਤੇ ਇਤਿਹਾਸਕ ਦਿੱਖ ਨੂੰ ਉਜਾਗਰ ਕਰਨ ਦੇ ਉਪਰਾਲੇ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਸ੍ਰੀ ਕਾਲੀ ਦੁਆਰਾ ਮੰਦਰ ਨੂੰ ਜਾਂਦੇ ਰਸਤੇ ਨੂੰ ਹੈਰੀਟੇਜ ਸਟਰੀਟ ਵਜੋਂ ਵਿਕਸਤ ਕੀਤਾ ਜਾਵੇ ਤਾਂ ਇਨ੍ਹਾਂ ਧਾਰਮਿਕ ਅਸਥਾਨਾਂ ਨੂੰ ਜਾਂਦੇ ਰਸਤੇ ਦੀ ਖੂਬਸੂਰਤੀ ਵੱਧ ਸਕੇ। ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਵਿੱਚ ਨਹਿਰੀ ਪਾਣੀ ਛੱਡਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ ਤਾਂ ਜੋ ਹੰਸਲੀ ਨਾਲੇ ਦੇ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਹਰ ਵਿਭਾਗ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਦੇਰੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਹਰ ਹਫ਼ਤੇ ਮੀਟਿੰਗ ਕੀਤੀ ਜਾਵੇਗੀ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੂੰ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੀਨੀਅਰ ਆਗੂ ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਮਾਣਕ ਮਹਿਤਾ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਪਰਤਿੰਦਰ ਸਿੰਘ ਟੋਨੀ ਗਿੱਲ, ਹਰਪ੍ਰੀਤ ਸਿੰਘ ਹੈਰੀ, ਭੁਪਿੰਦਰ ਸਿੰਘ ਗਿੱਲ, ਰਾਕੇਸ਼ ਤੁੱਲੀ, ਪਿ੍ਰੰਸ ਰੰਧਾਵਾ, ਅੰਕੁਸ਼ ਮਹਿਤਾ ਤੇ ਸ਼ਹਿਰ ਦੇ ਹੋਰ ਮੋਹਤਬਰ ਵੀ ਮੌਜੂਦ ਸਨ।