ਹੋਰ ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ- ਕਟਾਰੂਚੱਕ

ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ- ਕਟਾਰੂਚੱਕ
  • PublishedMarch 26, 2022

ਸੂਬਾ ਸਰਕਾਰ ਵਲੋਂ ਲੋਕਹਿੱਤ ਲਈ ਸਰਬਪੱਖੀ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਗੁਰਦਾਸਪੁਰ ਜਿਲੇ ਅੰਦਰ ਪੁਹੰਚਣ ’ਤੇ ਭਰਵਾਂ ਸਵਾਗਤ

ਗੁਰਦਾਸਪੁਰ, 26 ਮਾਰਚ ( ਮੰਨਣ ਸੈਣੀ)। ਪੰਜਾਬ ਸਰਕਾਰ ਵਲੋਂ ਆਗਾਮੀ ਕਣਕ ਦੇ ਸ਼ੀਜਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਗੁਰਦਾਸਪੁਰ ਸਥਾਨਕ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਕੀਤਾ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ , ਗੌਰਵ ਤੂਰਾ ਐਸ.ਐਸ.ਪੀ ਬਟਾਲਾ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਮੀਤ ਸਿੰਘ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ, ਸ. ਕਸ਼ਮੀਰ ਸਿੰਘ ਵਾਹਲਾ ਜ਼ਿਲਾ ਪ੍ਰਧਾਨ ਆਪ ਪਾਰਟੀ , ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ (ਸਾਬਕਾ ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ), ਸਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਕੁਲਜੀਤ ਸਿੰਘ ਜਿਲਾ ਮੰਡੀ ਬੋਰਡ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੋਜੂਦ ਸਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਸ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਰੂਟ ਮੈਪ ਤਿਆਰ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਆਸਾਂ ਮੁਤਾਬਕ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ ਹੈ। ਕਣਕ ਦੇ ਖਰੀਦ ਪ੍ਰਬੰਧਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਪਹਿਲੀ ਅਪ੍ਰੈਲ ਨੂੰ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਜਿਸ ਸਬੰਧੀ ਅੱਜ ਜ਼ਿਲੇ ਦੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ ਹੈ ਤੇ ਅਧਿਕਾਰੀਆਂ ਨੂੰ ਮੰਡੀਆਂ ਅੰਦਰ ਕਿਸਾਨਾਂ ਲਈ ਹਰ ਪੁਖਤਾ ਸਹੂਲਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਦਾਣਾ-ਦਾਣਾ ਖਰੀਦ ਕਰਨ ਲਈ ਵਚਨਬੱਧ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਦੀ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਸਕੇ।

ਮੰਤਰੀ ਕਟਾਰੂਚੱਕ ਨੇ ਸੂਬਾ ਸਰਕਾਰ ਵਲੋਂ ਲੋਕ ਹਿੱਤ ਲਈ ਸ਼ੁਰੂ ਕੀਤੇ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਕਰੀਬ 231 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਵਲੋਂ ਵੱਖ-ਵੱਖ ਵਿਭਾਗ ਵਿਚ 25,000 ਆਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ 9501200200 ਜਾਰੀ ਕੀਤਾ ਗਿਆ ਹੈ, ਜੋ ਸੂਬੇ ਵਿਚੋਂ ਰਿਸ਼ਵਤਖੋਰੀ ਦੇ ਕੋਹੜ ਨੂੰ ਖਤਮ ਕਰਨ ਵਿਚ ਸਹਾਈ ਹੋਵੇਗਾ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਕੀਤੇ ਗਏ ਐਲਾਨ ਕਿ ਹਰ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ ਦਾ ਸਵਾਗਤ ਕਰਦਿਆਂ ਉਨਾਂ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ’ਤੇ ਕਰੋੜਾ ਰੁਪਏ ਦੇ ਬੋਝ ਤੋਂ ਨਿਜਾਤ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਇਲਾਵਾ ਰੂਰਲ ਡਿਵਲਪਮੈਂਟ, ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਹਿੱਤ ਲਈ ਸਰਬਪੱਖੀ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ ਤੇ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕੈਬਨਿਟ ਮੰਤਰੀ ਪੰਜਾਬ ਨੂੰ ਭਰੋਸਾ ਦਿਵਾਇਆ ਕਿ ਕਣਕ ਦੇ ਸ਼ੀਜਨ ਦੋਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਬੰਧਤ ਵਿਭਾਗਾਂ ਵਲੋਂ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਪੀ.ਡਬਲਿਊ.ਡੀ ਰੈਸਟ ਹਾਊਸ ਗੁਰਦਾਸਪੁਰ ਵਿਖੇ ਪੁਹੰਚਣ ’ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ‘ਗਾਰਡ ਆਫ ਆਨਰ’ ਦਿੱਤਾ ਗਿਆ ਤੇ ਜਿਲਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੁੱਧੀਰਾਜ ਸਿੰਘ ਸੈਕਰਟਰੀ ਜਿਲਾ ਪ੍ਰੀਸ਼ਦ, ਐਕਸੀਅਨ ਰਜੇਸ਼ ਮੋਹਨ, ਹਰਜੋਤ ਸਿੰਘ, ਹਰਪਾਲ ਸਿੰਘ ਜਿਲਾ ਸਿੱਖਿਆ ਅਫਸਰ (ਸ), ਮਦਨ ਲਾਲ ਜਿਲਾ ਸਿੱਖਿਆ ਅਫਸਰ (ਪ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ।

Written By
The Punjab Wire