ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਗੁਰਦਾਸਪੁਰ, 31 ਮਾਰਚ (ਮੰਨਣ ਸੈਣੀ)। ਦੇਸ਼ ਵਿੱਚ ਤੇਲ ਅਤੇ ਗੈਸ ਸਿਲੰਡਰ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਨੇ ਕੀਤੀ ਜਦਕਿ ਵਿਸ਼ੇਸ਼ ਤੌਰ ‘ਤੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਇਸ ਮੌਕੇ ਤੇ ਸ਼ਿਰਕਤ ਕੀਤੀ |
ਗੁਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਅੱਜ ਪਾਰਟੀ ਹਾਈਕਮਾਂਡ ਦੇ ਹੁਕਮਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 9 ਵਾਰ ਵਾਧਾ ਕੀਤਾ ਗਿਆ ਹੈ ਜਦਕਿ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਜਦਕਿ ਹੁਣ ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਵੇਲੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਸੀ ਪਰ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਦੀ ਕਟੌਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਨਹੀਂ ਕਰ ਸਕਦੀ ਤਾਂ ਇਸ ਨੂੰ ਵਧਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਮਾਰ ਮਜ਼ਦੂਰਾਂ ਨੂੰ ਹੁੰਦੀ ਹੈ।ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਆਈ ਹੈ, ਮਹਿੰਗਾਈ ਘਟਣ ਦੀ ਬਜਾਏ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਹਿੰਗਾਈ ਦੀ ਕਮਰ ਤੋੜ ਦਿੱਤੀ ਹੈ। ਜਿਸ ਨਾਲ ਆਮ ਵਰਗ ਦਾ ਜੀਣਾ ਔਖਾ ਹੋ ਚੁੱਕਾ ਹੈ।