ਚੰਡਿਗੜ, 31 ਮਾਰਚ । ਪੰਜਾਬ ‘ਚ ਭਲਕੇ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਨੇ ਟਵੀਟ ਕੀਤਾ ਕਿ ਪੰਜਾਬ ਸਰਕਾਰ ਦੀ ਸਿਫਾਰਿਸ਼ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 1.4.2022 ਨੂੰ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਮੂਹ ਮਾਨਯੋਗ ਮੈਂਬਰ ਸਵੇਰੇ 10.00 ਵਜੇ ਤੋਂ ਇਸ ਵਿਸ਼ੇਸ਼ ਮੀਟਿੰਗ ਵਿੱਚ ਹਾਜ਼ਰ ਹੋਣ। ਯਾਨੀ ਸਦਨ ਦੀ ਕਾਰਵਾਈ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ।
ਜਾਣਕਾਰੀ ਮਿਲ ਰਹੀ ਹੈ ਕਿ ਇਸ ਵਿਸ਼ੇਸ਼ ਇਜਲਾਸ ਵਿਚ ਭਗਵੰਤ ਮਾਨ ਸਰਕਾਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਤਜਵੀਜ਼ ਲੈ ਕੇ ਆ ਸਕਦੀ ਹੈ ਅਤੇ ਇਸ ਦੇ ਐਲਾਨ ਵੀ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਿਸ਼ੇਸ਼ ਸੈਸ਼ਨ ‘ਚ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦੇ ਹੋਏ ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮਾਂ ਖਿਲਾਫ ਮਤਾ ਪੇਸ਼ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕੇਂਦਰੀ ਸੇਵਾ ਨਿਯਮਾਂ ਤਹਿਤ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ‘ਤੇ ਪੰਜਾਬ ਸਿਵਲ ਸਰਵਿਸ ਰੂਲਜ਼ ਲਾਗੂ ਸਨ। ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਹਫੜਾ-ਦਫੜੀ ਮੱਚੀ ਹੋਈ ਹੈ। ਇਸ ਦਾ ‘ਆਪ’, ਅਕਾਲੀ ਤੋਂ ਲੈ ਕੇ ਕਾਂਗਰਸ ਤੱਕ ਵਿਰੋਧ ਕੀਤਾ ਜਾ ਰਿਹਾ ਹੈ।