ਗੁਰਦਾਸਪੁਰ, 1 ਅਪ੍ਰੇੈਲ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਅਪ੍ਰੈਲ ਮਹੀਨੇ ਤੋਂ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਇਕ ਸਾਲ ਪੁਰਾਣੀਆਂ ਦਰਾਂ ‘ਤੇ ਬਿਜਲੀ ਦੇਣ ਦੀ ਗੱਲ ਚੱਲ ਰਹੀ ਹੈ, ਜੋ ਅਸਲ ਵਿੱਚ ਲੋਕਾਂ ਨਾਲ ਧੋਖਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਬਲਜੀਤ ਸਿੰਘ ਪਾਹੜਾ ਪ੍ਰਧਾਨ ਐਡਵੋਕੇਟ ਨਗਰ ਕੌਂਸਲ ਗੁਰਦਾਸਪੁਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ।
ਪਾਹੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਗਾਰੰਟੀ ‘ਤੇ ਭਰੋਸਾ ਕਰਦੇ ਹੋਏ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਪਰ ਹੁਣ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਪ੍ਰੀਪੇਡ ਮੀਟਰ ਲਗਾਉਣ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਦਾ ਸਿੱਧਾ ਅਸਰ ਗਰੀਬ ਲੋਕਾਂ ‘ਤੇ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾ ਗ਼ਰੀਬ ਦਿਹਾੜੀਦਾਰ ਬਿਜਲੀ ਜਮ੍ਹਾਂ ਨਾ ਵੀ ਕਰਵਾ ਸਕਦਾ ਸੀ ਤਾਂ ਵੀ ਉਨ੍ਹਾਂ ਨੂੰ ਬਿਜਲੀ ਸਪਲਾਈ ਮਿਲਦੀ ਰਹਿੰਦੀ ਸੀ। ਪਰ ਹੁਣ ਜਿਵੇਂ ਹੀ ਪੈਸਾ ਖਤਮ ਹੋ ਜਾਵੇਗਾ, ਉਸਦੇ ਘਰ ਵਿੱਚ ਹਨੇਰਾ ਹੋ ਜਾਵੇਗਾ। ਜਿਸ ਕਾਰਨ ਸਰਕਾਰ ਦੇ ਇਸ ਫੈਸਲੇ ਨੇ ਬਿਜਲੀ ਮੀਟਰ ਲਗਾਉਣ ਤੋਂ ਪਹਿਲਾਂ ਹੀ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ।
ਪਾਹੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਗਾਰੰਟੀਆਂ ਦਿੱਤੀਆਂ ਸਨ। ਪਰ ਹੁਣ ਇਸ ਦੀਆਂ ਗਰੰਟੀਆਂ ਨੂੰ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਬਦਲਾਅ ਦੇ ਨਾਂ ‘ਤੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿਤਾਇਆ ਸੀ ਪਰ ਹੁਣ ਸਰਕਾਰ ਦੇ ਫੈਸਲੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ।