ਭੋਆ ਤੋਂ ਕਾਂਗਰਸੀ ਸਾਬਕਾ ਵਿਧਾਇਕ ਜੋਗਿੰਦਰ ਪਾਲ ਬੋਲੋ- ਜਾਖੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਵੇ ਹਾਈਕਮਾਂਡ- ਜੋਗਿੰਦਰ ਪਾਲ
ਸਾਬਕਾ ਪੰਜਾਬ ਪ੍ਰਧਾਨ ਅਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਦਿੱਤਾ ਆਪਣਾ ਸਪੱਸ਼ਟੀਕਰਨ
ਗੁਰਦਾਸਪੁਰ, 6 ਅਪ੍ਰੈਲ (ਮੰਨਣ ਸੈਣੀ)। ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਭਾਈਚਾਰੇ ਖਿਲਾਫ ਕੀਤੀ ਗਈ ਟਿੱਪਣੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜੋਗੀਦਰ ਪਾਲ ਨੇ ਕਿਹਾ ਕਿ ਸੁਨੀਲ ਜਾਖੜ ਵੱਲੋਂ ਦਲਿਤ ਭਾਈਚਾਰੇ ਵਿਰੁੱਧ ਜਿਸ ਤਰ੍ਹਾਂ ਦੀ ਸ਼ਬਦਾਵਲੀ ਵਰਤੀ ਗਈ ਹੈ, ਉਹ ਪੂਰੀ ਤਰ੍ਹਾਂ ਅਪਮਾਨਜਨਕ ਹੈ। ਇਸ ਤਰ੍ਹਾਂ ਦੀ ਗੱਲ ਕਰਕੇ ਉਨ੍ਹਾਂ ਦਲਿਤ ਭਾਈਚਾਰੇ ਦੇ ਸਵੈ-ਮਾਣ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਨੂੰ ਦਲਿਤ ਭਾਈਚਾਰਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਜੋਗੀਦਰ ਪਾਲ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਵਿਚ ਕਾਂਗਰਸ ਦੀ ਹਾਰ ਦਾ ਦੋਸ਼ ਚਰਨਜੀਤ ਸਿੰਘ ਚੰਨੀ ‘ਤੇ ਮੜ੍ਹ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਸਭ ਤੋਂ ਪਹਿਲਾਂ ਜਾਖੜ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ ਸਾਢੇ ਚਾਰ ਸਾਲ ਦੇ ਪ੍ਰਧਾਨ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਾਂਗਰਸ ਦੀ ਚੜ੍ਹਦੀ ਕਲਾ ਲਈ ਕੀ ਕੀਤਾ। ਜਾਖੜ ਨੇ ਆਪਣੇ ਕਾਰਜਕਾਲ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਧੜੇਬੰਦੀ ਪੈਦਾ ਕੀਤੀ। ਇਸ ਕਾਰਨ ਪੰਜਾਬ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਸੁਨੀਲ ਜਾਖੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੂੰ ਦਲਿਤ ਸਮਾਜ ਪ੍ਰਤੀ ਕੀਤੀ ਗਈ ਟਿੱਪਣੀ ਲਈ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਉਧਰ ਸਾਬਕਾ ਵਿਧਾਇਕ ਅਤੇ ਮੰਤਰੀ ਡਾ: ਰਾਜ ਕੁਮਾਰ ਵੇਰਕਾ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਗਈ ਹੈ। ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੁਨੀਲ ਜਾਖੜ ਨੇ ਦਲਿਤਾਂ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜਿਸ ਕਾਰਨ ਸੁਨੀਲ ਜਾਖੜ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਦਲਿਤ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੁਨੀਲ ਜਾਖੜ ਨੇ ਭੱਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਕੀ ਤੁਹਾਡਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ, ਕੀ ਤੁਹਾਡੀ ਇਨਸਾਨੀਅਤ ਮਰ ਗਈ ਹੈ | ਜੇਕਰ ਤੁਸੀਂ ਇਸ ਮਾੜੀ ਸ਼ਬਦਾਵਲੀ ਲਈ ਤੁਰੰਤ ਮੁਆਫ਼ੀ ਨਾ ਮੰਗੀ ਤਾਂ ਕਾਂਗਰਸ ਹਾਈਕਮਾਂਡ ਨੂੰ ਕਿਹਾ ਜਾਵੇਗਾ ਕਿ ਉਹ ਤੁਹਾਨੂੰ ਕਾਂਗਰਸ ਪਾਰਟੀ ‘ਚੋਂ ਬਾਹਰ ਕੱਢ ਦੇਣ, ਜੇਕਰ ਕਾਂਗਰਸ ਹਾਈਕਮਾਂਡ ਨੇ ਇਸ ਬਾਰੇ ਕੁਝ ਨਾ ਕਿਹਾ ਤਾਂ ਸੁਨੀਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੇਰਾ ਸੰਦੇਸ਼ ਕਿਸੇ ਜਾਤ ਲਈ ਨਹੀਂ ਸੀ
ਉਧਰ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਸਾਬਕਾ ਸਾਂਸਦ ਰਹੇ ਸੁਨੀਲ ਜਾਖੜ ਨੇ ਆਪਣੀ ਗੱਲ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਦੇਸ਼ ਕਿਸੇ ਵਿਸ਼ੇਸ਼ ਜਾਤੀ ਲਈ ਨਹੀਂ ਸੀ। ਇਹ ਸੰਦੇਸ਼ ਉਨ੍ਹਾਂ ਆਗੂਆਂ ਲਈ ਸੀ ਜੋ ਪਾਰਟੀ ਹਾਈਕਮਾਂਡ ‘ਤੇ ਦਬਾਅ ਬਣਾ ਰਹੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਦਿੱਲੀ ਵਿੱਚ ਘੁੰਮ ਰਹੇ ਆਗੂਆਂ ਬਾਰੇ ਸੁਚੇਤ ਕੀਤਾ ਸੀ। ਉਹ ਕਾਂਗਰਸ ਪਾਰਟੀ ‘ਤੇ ਕਾਬਜ਼ ਹੋਣਾ ਚਾਹੁੰਦੇ ਹਨ ਅਤੇ ਇਨ੍ਹਾਂ ਲੋਕਾਂ ਨੂੰ ਜ਼ਿਆਦਾ ਧਿਆਨ ਨਹੀਂ ਦੇਣਾ ਚਾਹੀਦਾ ਅਤੇ ਸਿਰ ‘ਤੇ ਨਹੀਂ ਬਿਠਾਉਣਾ ਚਾਹੀਦਾ ਹੈ। ਇਸ ਨਾਲ ਪਾਰਟੀ ਦੀ ਸਥਿਤੀ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਦਾ ਸੰਦੇਸ਼ ਪਾਰਟੀ ਲਈ ਸੀ ਅਤੇ ਉਨ੍ਹਾਂ ਨੇ ਇਹ ਸ਼ਬਦ ਕਿਸੇ ਜਾਤ ਜਾਂ ਧਰਮ ਲਈ ਨਹੀਂ ਬੋਲੇ।