ਸਿਹਤ ਹੋਰ ਗੁਰਦਾਸਪੁਰ ਪੰਜਾਬ

ਸਿਵਲ ਹਸਪਤਾਲ ਬਟਾਲਾ ਨੂੰ ਅਪਗਰੇਡ ਕਰਨ ਅਤੇ ਸਿੱਖਿਆ ਦੇ ਸੁਧਾਰ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਵਿਧਾਇਕ ਸ਼ੈਰੀ ਕਲਸੀ

ਸਿਵਲ ਹਸਪਤਾਲ ਬਟਾਲਾ ਨੂੰ ਅਪਗਰੇਡ ਕਰਨ ਅਤੇ ਸਿੱਖਿਆ ਦੇ ਸੁਧਾਰ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਵਿਧਾਇਕ ਸ਼ੈਰੀ ਕਲਸੀ
  • PublishedApril 19, 2022

ਬਟਾਲਾ, 19 ਅਪ੍ਰੈਲ ( ਮੰਨਣ ਸੈਣੀ )। ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਬਟਾਲਾ ਹਲਕੇ ਦੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ ਹੈ।

ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਸਿਹਤ ਸੇਵਾਵਾਂ ਦਾ ਮੁੱਦਾ ਮੁੱਖ ਤੌਰ ’ਤੇ ਵਿਚਾਰਿਆ। ਉਨ੍ਹਾਂ ਮੰਗ ਕੀਤੀ ਕਿ ਸਿਵਲ ਹਸਪਤਾਲ ਬਟਾਲਾ ਨੂੰ ਅਪਗਰੇਡ ਕਰਨ ਦੇ ਨਾਲ ਇਥੇ ਮਾਹਿਰ ਡਾਕਟਰਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਵੇ ਅਤੇ ਨਾਲ ਹੀ ਇਲਾਜ ਲਈ ਉਹ ਸਾਰੇ ਜਰੂਰੀ ਉਪਕਰਨ ਮੁਹੱਈਆ ਕਰਵਾਏ ਜਾਣ ਤਾਂ ਜੋ ਮਰੀਜ਼ਾਂ ਨੂੰ ਰੈਫਰ ਕਰਨ ਦੀ ਬਜਾਏ ਇਸ ਹਸਪਤਾਲ ਵਿੱਚ ਹੀ ਉਨ੍ਹਾਂ ਦਾ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਬਟਾਲਾ ਦਾ ਸਿਵਲ ਹਸਪਤਾਲ ਸ਼ਹਿਰ ਸਮੇਤ ਆਸ-ਪਾਸ ਦੇ ਬਹੁਤ ਵੱਡੇ ਇਲਾਕੇ ਨੂੰ ਸਿਹਤ ਸੇਵਾਵਾਂ ਦਿੰਦਾ ਹੈ ਇਸ ਲਈ ਪਹਿਲ ਦੇ ਅਧਾਰ ’ਤੇ ਇਸਦੇ ਸੁਧਾਰ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਤਿੰਨ ਨਵੇਂ ਮੁਹੱਲਾ ਕਲੀਨਿਕ ਵੀ ਬਣਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਆਪਣੀ ਮੁਲਾਕਾਤ ਦੌਰਾਨ ਬਟਾਲਾ ਸ਼ਹਿਰ ਵਿੱਚ ਸਿੱਖਿਆ ਦੇ ਸੁਧਾਰ ਲਈ ਵੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦੇ ਸਭ ਤੋਂ ਪੁਰਾਣੇ ਅਤੇ ਵਿਰਾਸਤੀ ਸ਼ਹਿਰਾਂ ਵਿਚੋਂ ਇੱਕ ਹੈ ਅਤੇ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਦੇ ਨਾਲ ਇਸ ਦੀ ਇਤਿਹਾਸਕ ਅਤੇ ਵਿਰਾਸਤੀ ਸ਼ਾਨ ਨੂੰ ਸੁਰਜੀਤ ਕਰਨ ਦੇ ਉਪਰਾਲੇ ਕੀਤੇ ਜਾਣ ਦੀ ਮੰਗ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੀਵਰੇਜ ਅਤੇ ਜਲ ਸਪਲਾਈ ਪ੍ਰੋਜੈਕਟਾਂ ਬਾਰੇ ਵੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਬਟਾਲਾ ਹਲਕੇ ਵਿੱਚ ਵੀ ਇਸਦੇ ਹਾਂ-ਪੱਖੀ ਬਦਲਾਅ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਉੱਪਰ ਬਹੁਤ ਵੱਡਾ ਵਿਸਵਾਸ਼ ਤੇ ਭਰੋਸਾ ਪ੍ਰਗਟ ਕੀਤਾ ਹੈ ਅਤੇ ਸਰਕਾਰ ਲੋਕਾਂ ਦੀ ਉਮੀਦ ਉੱਤੇ ਖਰ੍ਹੀ ਉਤਰੇਗੀ।

Written By
The Punjab Wire