ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ

ਸਾਂਕੇਤਿਕ ਤਸਵੀਰ

ਖਣਨ ਵਿਭਾਗ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਸਪਲਾਈ ਕਰਨ ਲਈ ਅੰਮ੍ਰਿਤਸਰ ਅਤੇ ਮੋਗਾ ਵਿਖੇ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਕਰੇਗਾ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਅਪ੍ਰੈਲ: ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇੜਾ ਕਲਮੋਟ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਮਾਈਨਿੰਗ ਵਿਭਾਗ ਵੱਲੋਂ ਵੀਡੀਓਗ੍ਰਾਫੀ ਲਈ ਟੀਮ ਭੇਜੀ ਗਈ ਸੀ ਤੇ ਜਾਂਚ ਉਪਰੰਤ ਖੇੜਾ ਕਲਮੋਟ ਪੱਟੀ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਡਿਫਾਲਟਰਾਂ ਖਿਲਾਫ ਕਈ ਸ਼ਿਕਾਇਤਾਂ ਉਠਾਈਆਂ ਗਈਆਂ ਸਨ ਅਤੇ ਇਹ ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਦਾ ਜਵਾਈ ਵਿਰੁੱਧ ਵੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲੱਗੇ ਸਨ ਪਰ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ ਅਤੇ ਉਸ ਖਿਲਾਫ਼ ਅੱਜ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।
ਕਰੱਸ਼ਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਮਾਈਨਿੰਗ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ‘ਤੇ ਨਿਯਮਤ ਤੌਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।

ਮੰਤਰੀ ਨੇ ਕਿਹਾ ਕਿ ਸਾਰੇ ਠੇਕੇਦਾਰਾਂ ਨੂੰ ਸਖ਼ਤੀ ਨਾਲ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਮਾਈਨਿੰਗ ਵਿਭਾਗ ਦੇ ਸਾਰੇ ਬਕਾਏ ਤੁਰੰਤ ਜਮ੍ਹਾਂ ਕਰਵਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ ਅਤੇ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਅਤੇ ਮੋਗਾ ਵਿਖੇ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਦੀ ਸਪਲਾਈ ਕਰਨ ਲਈ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਤੀਰਾ ਬਿਲਕੁਲ ਸਪੱਸ਼ਟ ਹੈ ਅਤੇ ਇਸ ਨੂੰ ਸੂਬੇ ਭਰ ਵਿੱਚ ਕਿਸੇ ਵੀ ਥਾਂ ’ਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭ੍ਰਿਸ਼ਟ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਫੋਟੋ ਕੈਪਸ਼ਨ: ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ।

Exit mobile version