ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ
ਚੰਡੀਗੜ੍ਹ, 22 ਅਪ੍ਰੈਲ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ( ਐਲ.ਓ.ਪੀ) ਸ. ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਪੰਜਾਬ ਵਿਧਾਨ ਸਭਾ ਵਿਖੇ ਉਹਨਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਪੀਕਰ ਨੇ ਬਾਜਵਾ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।
ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ।
ਇਸ ਉਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਸ. ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।