ਫੇਰ ਕੇਂਦਰ ਸਰਕਾਰ ਦੇ ਦੁਆਰੇ ਪਹੁੰਚੇ ਮੁੱਖ ਮੰਤਰੀ ਮਾਨ- ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ

ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਕੀਤੀ ਮੰਗ

ਨਵੀਂ ਦਿੱਲੀ, 25 ਅਪ੍ਰੈਲ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੇਰ ਕੇਂਦਰ ਸਰਕਾਰ ਦੇ ਦੁਆਰੇ ਪਹੁੰਚੇ ਅਤੇ ਉਹਨਾਂ ਵੱਲੋਂ ਅੱਜ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਤੋਂ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। 

ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨਾਂ ਦੇ ਦਫਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜਨ ਦੌਰਾਨ ਬਿਜਲੀ ਦੀ ਲੋੜ ਹੈ।

ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜਨ ਦੇ ਮੱਦੇਨਜਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜਰੂਰੀ ਹੈ। ਉਨਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ ਹੱਕ ਹੈ ਜਿਸ ਨੇ ਦੇਸ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਸ. ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ। 

ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜੀਡੈਂਟ ਕਮਿਸਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜਰ ਸਨ।

Exit mobile version