ਚੰਡੀਗੜ੍ਹ, 26 ਅਪ੍ਰੈਲ (ਦ ਪੰਜਾਬ ਵਾਇਰ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਕਾਂਗਰਸ ਪਾਰਟੀ ਮੰਗਲਵਾਰ ਨੂੰ ਸੁਨੀਲ ਜਾਖੜ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ। ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਕੇਂਦਰੀ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ।
ਕੇਂਦਰੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਸਵੇਰੇ ਸਾਢੇ 11 ਵਜੇ ਕਾਂਗਰਸ ਦੇ ਵਾਰਡਰੂਮ ਵਿੱਚ ਹੋਵੇਗੀ। ਦੋ ਹਫ਼ਤੇ ਪਹਿਲਾਂ ਕਾਂਗਰਸ ਪਾਰਟੀ ਨੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਬੁਲਾਈ ਸੀ। ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਸੀ। ਦੋਵਾਂ ਆਗੂਆਂ ਨੂੰ ਇੱਕ ਹਫ਼ਤੇ ਅੰਦਰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਅੱਗੇ ਆਪਣੀ ਗੱਲ ਰੱਖਣ ਲਈ ਕਿਹਾ ਗਿਆ। ਪਰ ਸੁਨੀਲ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ। ਹੁਣ ਇਸ ਮੁੱਦੇ ‘ਤੇ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ।
ਦਰਅਸਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਹਰੀਸ਼ ਚੌਧਰੀ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਪੰਜਾਬ ‘ਚ ਪਾਰਟੀ ਨੂੰ ਨੁਕਸਾਨ ਹੋਇਆ ਹੈ ਅਤੇ ਉਹ ਪਾਰਟੀ ਖਿਲਾਫ ਬਿਆਨਬਾਜ਼ੀ ਕਰਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਸੁਨੀਲ ਜਾਖੜ ਦੀ ਸ਼ਿਕਾਇਤ ਕੀਤੀ। ਹਾਲਾਂਕਿ ਸੁਨੀਲ ਜਾਖੜ ਨੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਸੰਦਰਭ ਤੋਂ ਬਾਹਰ ਕੱਢਿਆ ਗਿਆ ਹੈ।
ਦੱਸ ਦੇਈਏ ਕਿ ਸੁਨੀਲ ਜਾਖੜ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੋਂ ਹੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਸੁਨੀਲ ਜਾਖੜ ਕਾਂਗਰਸ ਤੋਂ ਇਸ ਗੱਲੋਂ ਨਾਰਾਜ਼ ਹਨ ਕਿ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਵਿਧਾਇਕਾਂ ਦਾ ਸਮਰਥਨ ਮਿਲਣ ਤੋਂ ਬਾਅਦ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਨਹੀਂ ਦਿੱਤਾ ਗਿਆ।
ਉਧਰ ਸੁਨੀਲ ਜਾਖੜ ਵੱਲੋਂ ਮੀਟਿੰਗ ਤੋਂ ਪਹਿਲਾ ਇਕ ਜਾਵੇਦ ਅਖਤਰ ਦੀ ਸ਼ਾਇਰੀ ਲਿਖ ਹਾਈ ਕਮਾਂਡ ‘ਤੇ ਤਿੱਖਾ ਤਨਜ਼ ਕੀਤਾ ਗਿਆ ਹੈ। ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ “ਆਜ ਫਿਰ ਸਿਰ ਕਲਮ ਹੋਣਗੇ ਉਨਕੇ, ਜਿਨਮੇਂ ਅਭੀ ਜਮੀਰ ਬਾਕੀ ਹੈ “।