ਗੁਰਦਾਸਪੁਰ, 26 ਅਪ੍ਰੈਲ (ਮੰਨਣ ਸੈਣੀ)। ਗੁਰਦਾਸਪੁਰ ਦੇ ਇਕ ਕਾਲੋਨਾਈਜ਼ਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 1.50 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਜੇਲ ਵਿੱਚ ਬੰਦ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਥਾਣਾ ਸਿਟੀ ਪੁਲਸ ਨੇ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਗੁਰਦਾਸਪੁਰ ਲਿਆਂਦਾ ਹੈ। ਪੁੱਛਗਿੱਛ ਤੋਂ ਬਾਅਦ ਪੁਲਿਸ ਵੱਲੋਂ ਸੁੱਖ ਭਿਖਾਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਅਦਾਲਤ ਵੱਲੋਂ ਅਗਲੀ ਤਰੀਕ 5 ਮਈ ਪਾ ਕੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਕਾਲੋਨਾਈਜ਼ਰ ਸਿਮਰਜੀਤ ਸਿੰਘ (ਸਾਹਿਬ) ਪੁੱਤਰ ਗੁਰਦਿਆਲ ਸਿੰਘ ਵਾਸੀ ਸੰਗਲਪੁਰਾ ਰੋਡ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਸੀ ਕਿ 6 ਅਪ੍ਰੈਲ ਨੂੰ ਉਸ ਦੇ ਵਟਸਐਪ ਨੰਬਰ ’ਤੇ ਗੈਂਗਸਟਰ ਲਵਦੀਪ ਸਿੰਘ ਲਵੀ ਨੇ ਉਸ ਨੂੰ ਉਸ ਦੇ ਵਟਸਐਪ ਨੰਬਰ ’ਤੇ ਮੈਸੇਜ ਕੀਤਾ ਸੀ। ਇਸ ਤੋਂ ਬਾਅਦ ਲਵਦੀਪ ਸਿੰਘ ਨੇ ਉਸ ਨੂੰ ਇਸ ਨੰਬਰ ਤੋਂ ਗੈਂਗਸਟਰ ਸੁੱਖ ਭਿਖਾਰੀਵਾਲ ਨਾਲ ਗੱਲ ਕਰਵਾਈ। ਸੁੱਖ ਭਿਖਾਰੀਵਾਲ ਨੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕੀਤੀ। ਇਸ ਤੋਂ ਬਾਅਦ 8 ਅਪ੍ਰੈਲ ਨੂੰ ਫਿਰ ਉਸ ਨੂੰ ਸੁਨੇਹਾ ਭੇਜ ਕੇ ਇੱਕ ਕਰੋੜ 50 ਲੱਖ ਰੁਪਏ ਦੀ ਮੰਗ ਕੀਤੀ ਗਈ। ਉਸ ਨੇ ਧਮਕੀ ਦਿੱਤੀ ਕਿ ਜੇਕਰ ਸ਼ਾਮ ਤੱਕ ਪੈਸੇ ਦਾ ਇੰਤਜ਼ਾਮ ਨਾ ਕੀਤਾ ਗਿਆ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਾਲੋਨਾਈਜ਼ਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਵੱਲੋਂ ਉਕਤ ਦੋਵਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।