ਵਿਜੀਲੈਂਸ ਵੱਲੋਂ ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

vigilance

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਅਕਾਊਂਟੈਂਟ-ਕਮ-ਕੈਸ਼ੀਅਰ, ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਧਰਮਵੀਰ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ, ਜਿਲਾ ਫਾਜ਼ਿਲਕਾ ਦੀ ਸ਼ਿਕਾਇਤ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁੱਦਈ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫਾਜਿ਼ਲਕਾ ਵਿਖੇ ਕੰਟੀਨ ਦਾ ਠੇਕਾ ਹੈ ਤੇ ਉਸ ਵੱਲੋਂ ਮੁਹੱਈਆ ਕਰਵਾਏ ਜਾਂਦੇ ਖਾਣੇ ਆਦਿ ਦੇ ਬਿੱਲ ਧਰਮਵੀਰ ਅਕਾਊਂਟੈਂਟ ਵੱਲੋਂ ਪਾਸ ਕਰਵਾਏ ਜਾਂਦੇ ਹਨ। ਸ਼ਿਕਾਇਤਕਰਤਾ ਨੇ ਵਿਜੀਲੈੰਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਅਕਾਊਂਟੈਂਟ ਨੇ ਉਸ ਤੋਂ ਬਿਲਾਂ ਨੂੰ ਪਾਸ ਕਰਾਉਣ ਬਦਲੇ 30000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।  ਬੁਲਾਰੇ ਨੇ ਦੱਸਿਆ ਕਿ ਵਿਜੀਲੈੰਸ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਪਾਸੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 25000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਹੇਠ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਹੈ।

Exit mobile version