ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਮੰਨਣ ਸੈਣੀ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਦੀ ਯੋਜਨਾ ਬਾਰੇ ਦੱਸਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ ’ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖੀ ਸਖਸ਼ੀਅਤ ਨੂੰ ਉਭਾਰਨ ਵਿੱਚ ਸਭ ਤੋਂ ਅਹਿਮ ਹੁੰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਹੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਹਨ।