Close

Recent Posts

ਹੋਰ ਗੁਰਦਾਸਪੁਰ ਪੰਜਾਬ

ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸਹਾਇਤਾ ਲਈ ਮਹੱਤਵਪੂਰਨ ਯੋਗਦਾਨ ਪਾ ਰਿਹਾ ਜ਼ਿਲੇ ਦੀ ਰੈੱਡ ਕਰਾਸ ਸੁਸਾਇਟੀ

ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸਹਾਇਤਾ ਲਈ ਮਹੱਤਵਪੂਰਨ ਯੋਗਦਾਨ ਪਾ ਰਿਹਾ ਜ਼ਿਲੇ ਦੀ ਰੈੱਡ ਕਰਾਸ ਸੁਸਾਇਟੀ
  • PublishedMay 2, 2022

ਸਿਵਲ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਬਟਾਲਾ ਦੇ ਸਲੱਮ ਏਰੀਏ ਵਿੱਚ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ

ਬਟਾਲਾ, 1 ਮਈ ( ਮੰਨਣ ਸੈਣੀ) । ਜ਼ਿਲੇ ਦੇ ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਜ਼ਿਲਾ ਰੈਡ ਕਰਾਸ ਸੁਸਾਇਟੀ ਵੱਲ਼ੋਂ ਮਾਨਵਤਾ ਦੀ ਸਹਾਇਤਾ ਲਈ ਮਹੱਤਵਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਗੁਰਦਾਸਪੁਰ ਦੀ ਸੁਸਾਇਟੀ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਬਟਾਲਾ ਸ਼ਹਿਰ ਦੇ ਸੱਲਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ਸਕੱਤਰ ਰਾਜੀਵ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਗਰੀਬ ਅਤੇ ਲੋੜਵੰਦ ਮਰੀਜਾਂ ਦਾ ਮੁਫ਼ਤ ਇਲਾਜ ਕੀਤੀ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਬਟਾਲਾ ਦੀ ਲੋਹਾ ਮੰਡੀ ਵਿਖੇ ਸਲੱਮ ਏਰੀਰੇ ਵਿੱਚ ਲੱਗੇ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰਾਂ ਵੱਲੋਂ ਝੁੱਗੀਆਂ ਵਿੱਚ ਰਹਿਣ ਵਾਲੀਆਂ ਔਰਤਾਂ, ਮਰਦਾਂ ਅਤੇ ਬੱਚਿਆਂ ਸਮੇਤ ਕੁੱਲ 77 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਲੋੜ ਅਨੁਸਾਰ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਡਾਕਟਰਾਂ ਵੱਲੋਂ ਤੰਦਰੁਸਤ ਜੀਵਨ ਲਈ ਵੱਖ-ਵੱਖ ਪਰਹੇਜ਼ਾਂ ਅਤੇ ਸਾਵਧਾਨੀਆਂ ਬਾਰੇ ਵੀ ਦੱਸਿਆ।

ਕੈਂਪ ਦੌਰਾਨ ਜਰੂਰਤਮੰਦ ਲੋਕਾਂ ਨੂੰ ਦਵਾਈ ਦੇਂਦੇ ਹੋਏ ਡਾਕਟਰ ਅਤੇ ਨਾਲ ਖੜੇਂ ਸਕੱਤਰ ਰਾਜੀਵ ਕੁਮਾਰ

ਸਕੱਤਰ ਰਾਜੀਵ ਕੁਮਾਰ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਜਿਥੇ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਓਥੇ ਜੇਕਰ ਕਿਸੇ ਮਰੀਜ਼ ਨੂੰ ਵਧੇਰੇ ਇਲਾਜ ਦੀ ਲੋੜ ਹੁੰਦੀ ਹੈ ਤਾਂ ਉਨ੍ਹਾਂ ਦਾ ਹਸਪਤਾਲ ਵਿਚੋਂ ਵੀ ਇਲਾਜ ਕਰਾ ਕੇ ਦਿੱਤਾ ਜਾਂਦਾ ਹੈ।

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਮਾਹਿਰ ਡਾ. ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਬਟਾਲਾ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਸਦਕਾ ਸਿਹਤ ਸੇਵਾਵਾਂ ਦਾ ਘੇਰਾ ਹੋਰ ਵੀ ਵਿਸ਼ਾਲ ਹੋਇਆ ਹੈ ਅਤੇ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਰਹੇ ਹਨ। ਉਨਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਦੇਖਣ ਨੂੰ ਮਿਲਿਆ ਹੈ ਕਿ ਕਈ ਵਿਅਕਤੀਆਂ ਨੂੰ ਸ਼ੂਗਰ ਤੇ ਬਲੱਡ ਪਰੈਸ਼ਰ ਦੀ ਸ਼ਿਕਾਇਤ ਹੈ ਪਰ ਉਨਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨਾਂ ਕਿਹਾ ਕਿ ਇਹ ਬਿਮਾਰੀਆਂ ਹੀ ਅੱਗੇ ਚੱਲ ਕੇ ਕਈ ਹੋਰ ਬਿਮਾਰੀਆਂ ਨੂੰ ਜਨਮ ਦਿੰਦੀਆਂ ਹਨ ਅਤੇ ਸਿਹਤ ਲਈ ਹਾਨੀਕਾਰਕ ਸਿੱਧ ਹੁੰਦੀਆਂ ਹਨ। ਡਾ. ਮਨਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਕਈ ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਪੂਰਾ ਇਲਾਜ ਕਰਾਉਣ ਲਈ ਵੀ ਕਿਹਾ ਗਿਆ ਹੈ।

Written By
The Punjab Wire