ਹੋਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਸਹਿਯੋਗ ਮੰਗਿਆ

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਸਹਿਯੋਗ ਮੰਗਿਆ
  • PublishedMay 5, 2022

ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦਾ ਫਰਜ਼ ਬਣਦਾ

ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਉੱਘੀਆਂ ਸਖਸ਼ੀਅਤਾਂ ਦਾ ਸਨਮਾਨ

ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ।

ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਉਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਬੀਤੇ ਕਈ ਦਿਨਾਂ ਤੋਂ ਲਗਾਤਾਰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਕਿਉਂ ਜੋ ਇਹ ਨਾਜ਼ੁਕ ਮਸਲਾ ਸਿੱਧੇ ਤੌਰ ਉਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸ ਸਥਿਤੀ ਨੂੰ ਲੈ ਕੇ ਅਸੀਂ ਸਾਰੇ ਹੀ ਫਿਕਰਮੰਦ ਹਾਂ।

ਮੁੱਖ ਮੰਤਰੀ ਨੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਦੀ ਨੀਅਤ ਸਾਫ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ੳਨ੍ਹਾਂ ਨੇ ਨਾਲ ਹੀ ਅਪੀਲ ਕੀਤੀ ਕਿ ਕਿਸਾਨ ਮੌਨਸੂਨ ਦੌਰਾਨ ਹੀ ਝੋਨਾ ਲਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਮਾਫੀਏ ਦਾ ਹਨੇਰਾ ਛਾਇਆ ਹੋਇਆ ਹੈ ਜਿਸ ਨੂੰ ਜਲਦ ਦੂਰ ਕਰਕੇ ਇਮਾਨਦਾਰੀ ਦਾ ਚਾਨਣ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਲੀਡਰਾਂ ਦੀ ਆਪਸ ਵਿਚ ਰਲੇ ਹੋਏ ਸੀ, ਜਿਸ ਕਾਰਨ ਉਹ ਚੋਣਾਂ ਵਿਚ ਹਾਰਨ ਦੇ ਬਾਵਜੂਦ ਪਿਛਲੇ ਕਈ ਦਹਾਕਿਆਂ ਤੋਂ ਸਰਕਾਰੀ ਸਹੂਲਤਾਂ ਦਾ ਅਨੰਦ ਮਾਣਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਗੂ ਹਾਲੇ ਵੀ ਸਰਕਾਰੀ ਰਹਾਇਸ਼ਾਂ ਸਮੇਤ ਹੋਰ ਸਰਕਾਰੀ ਸੁਖ-ਸਹੂਲਤਾਂ ਛੱਡਣ ਲਈ ਤਿਆਰ ਨਹੀਂ, ਪਰ ਉਨ੍ਹਾਂ ਦੀ ਸਰਕਾਰ ਵਲੋਂ ਲਏ ਜਾ ਰਹੇ ਸਖਤ ਫੈਸਲਿਆਂ ਕਾਰਨ ਹੁਣ ਅਜਿਹਾ ਨਹੀਂ ਚੱਲੇਗਾ। ਉਨ੍ਹਾਂ ਆਪਣੇ ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਵੀ ਇਮਾਨਦਾਰੀ `ਤੇ ਪਹਿਰਾ ਦਿੰਦਿਆਂ ਸੱਚ ਨਾਲ ਡਟ ਕੇ ਖੜ੍ਹਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵਲੋਂ ਸੱਤਾ ਵਿਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫੈਸਲੇ ਲਏ ਗਏ ਸਨ ਪਰ ਹੁਣ ਉਨਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਆਗੂਆਂ ਵਿਚ ਇੱਛਾ ਸ਼ਕਤੀ ਦੀ ਘਾਟ ਕਾਰਨ ਸਾਡੇ ਬਹੁਤ ਸਾਰੇ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਰਹਿ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਉਂਦੇ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਦੀ ਭਲਾਈ ਲਈ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਵਿਚ ਹੀ ਉਨ੍ਹਾਂ ਦੇ ਚੰਗੇ ਭਵਿੱਖ ਲਈ ਮੌਕੇ ਸਿਰਜਣਗੇ ਅਤੇ ਕਿਸੇ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁੱਖ ਨਹੀਂ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖੀ, ਬਹਾਦਰੀ, ਜੋਸ਼ ਅਤੇ ਜ਼ੁਲਮ ਦੇ ਖਿਲਾਫ ਲੜਨਾ ਉਨ੍ਹਾਂ ਨੂੰ ਵਿਰਸੇ ਵਿਚ ਮਿਲਿਆ ਸੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਤੋਂ ਲੈ ਕੇ ਮਹਾਨ ਸਿੱਖ ਜਰਨੈਲ ਹਮੇਸ਼ਾ ਜ਼ੁਲਮ ਦੇ ਖਿਲਾਫ ਲੜਦੇ ਰਹੇ ਅਤੇ ਮਜ਼ਲੂਮਾਂ ਦਾ ਸਾਥ ਦਿੰਦੇ ਰਹੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰ ਅੱਜ ਦੇ ਸਮੇਂ ਦੀ ਤਰਾਸਦੀ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿਚ ਰਹਿਣ ਵਾਲੇ ਸਾਡੇ ਆਪਣਿਆਂ ਨੇ ਹੀ ਸਾਡੇ `ਤੇ ਜ਼ੁਲਮ ਢਾਹੇ ਹਨ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਵਲੋਂ ਦਿੱਤੀ ਸ਼ਕਤੀ ਲੋਕ ਭਲਾਈ ਲਈ ਹੀ ਵਰਤੀ ਜਾਵੇਗੀ।

ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿਚ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਸਮਾਜ ਸੇਵਕ ਤੇ ਉਦਯੋਗਪਤੀ ਅਮਰੀਕ ਸਿੰਘ ਘੜਿਆਲ (ਪਿੰਡ ਰਕਬਾ), ਸਮਾਜ ਸੇਵੀ ਅਤੇ ਬਰਨਾਲਾ ਇੰਡਸਟਰੀਜ਼ ਦੇ ਮਾਲਕ ਕੁਲਵੰਤ ਸਿੰਘ ਲੋਟੇ, ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਸਿੱਧ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਡਾਇਰੈਕਟਰ ਅਨੁਰਾਗ ਸਿੰਘ ਅਤੇ ਨੌਜਵਾਨ ਉਦਯੋਗਪਤੀ ਸੰਦੀਪ ਕੌਰ ਰਿਆਤ ਨੂੰ ਇਸ ਮੌਕੇ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ।

ਇਸ ਤੋਂ ਪਹਿਲਾਂ ਵਿਧਾਇਕ ਸਰਵਜੀਤ ਕੌਰ ਮਾਣੂਕੇ, ਰਾਜਿੰਦਰਪਾਲ ਕੌਰ ਛੀਨਾ, ਤਰੁਨਪ੍ਰੀਤ ਸਿੰਘ ਸੌਂਧ, ਗੁਰਪ੍ਰੀਤ ਬੱਸੀ ਗੋਗੀ, ਸਿੱਖਿਆ ਸਾਸ਼ਤਰੀ ਕੇ.ਐਨ.ਐਸ ਕੰਗ ਅਤੇ ਡਾ. ਅਨੁਰਾਗ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਕਮਿਸ਼ਨਰ ਪੁਲਿਸ ਕੌਸ਼ਤੁਭ ਸ਼ਰਮਾ ਵੀ ਹਾਜ਼ਿਰ ਸਨ।

Written By
The Punjab Wire