ਤੇਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਦੀ ਪ੍ਰਧਾਨਗੀ ਹੇਠ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਗੁਰਦਾਸਪੁਰ, 10 ਮਈ (ਮੰਨਣ ਸੈਣੀ )। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਬੱਚੇ, ਔਰਤਾਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਸ. ਤੇਜਿੰਦਰਪਾਲ ਸਿੰਘ ਸੰਧੂ, ਜਨਰਲ ਸਕੱਤਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ) ਨੇ ਮੰਗਲਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਸ. ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 17 ਮਈ ਨੂੰ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਕਰਨ ਲਈ ਉਨਾਂ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਹੈ।
ਉਨਾਂ ਅੱਗੇ ਦੱਸਿਆ ਕਿ 17 ਮਈ ਦਿਨ ਮੰਗਲਵਾਰ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ, ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਅਤੇ ਬਾਅਦ ਵਿਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਜਾਵੇਗਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਸ. ਸੰਧੂ ਨੇ ਅੱਗੇ ਦੱਸਿਆ ਕਿ 17 ਮਈ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸੋਲਰ ਪਲਾਂਟ (15 ਕਿਲੋਵਾਟ) ਦਾ ਉਦਘਾਟਨ ਕੀਤਾ ਜਾਵੇਗਾ ਅਤੇ ਲਾਇਬਰੇਰੀ ਦੀ ਸ਼ੁਰੂਆਤ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਉਨਾਂ ਡੀਡੀਪੀਓ ਗੁਰਦਾਸਪੁਰ, ਐਕਸੀਅਨ ਮੰਡੀ ਬੋਰਡ, ਐਸ.ਡੀ.ਓ ਪੀ.ਡਬਲਿਊ.ਡੀ. ਪਾਵਰਕਾਮ, ਬੀਡੀਪੀਓ ਕਾਹਨੂੰਵਾਨ, ਬਾਗਬਾਨੀ ਵਿਭਾਗ, ਸੀਡੀਪੀਓ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੀ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ।
ਇਸ ਮੌਕੇ ਡੀ.ਡੀ.ਪੀ.ਓ ਗੁਰਦਾਸਪੁਰ ਡਾ. ਸੰਦੀਪ ਮਲਹੋਤਰਾ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸਕੱਤਰ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਐਕਸੀਅਨ ਬਲਦੇਵ ਸਿੰਘ, ਹਰਜਿੰਦਰ ਸਿੰਘ ਕਲਸੀ, ਜ਼ਿਲ੍ਹਾ ਲੋਕ ਸੰਪਰਕ ਫਸਰ ਗੁਰਦਾਸਪੁਰ, ਬੀ.ਡੀ.ਪੀ.ਓ ਗੁਰਜੀਸ ਸਿੰਘ, ਐਸ.ਡੀ.ਓ ਨਿਰਮਲ ਸਿੰਘ, ਲਵਜੀਤ ਸਿੰਘ, ਦਮਨਜੀਤ ਸਿੰਘ ਆਦਿ ਮੋਜੂਦ ਸਨ।