ਕ੍ਰਾਇਮ ਪੰਜਾਬ ਮੁੱਖ ਖ਼ਬਰ

ਭ੍ਰਿਸ਼ਟਾਚਾਰ ਦੇ ਦੋਸ਼ `ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

  • PublishedMay 13, 2022

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 13 ਮਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।

ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Written By
The Punjab Wire