ਅਜ਼ਾਦੀ ਦਿਹਾੜੇ ਮੌਕੇ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ: ‘ਚਾਹ ਵਿਦ ਡਿਪਟੀ ਕਮਿਸ਼ਨਰ’ ਕਰ ਦਿੱਤਾ ਜਾਵੇਗਾ ਮਾਣ ਸਨਮਾਨ

ਜਾਣਕਾਰੀ ਦੇਂਦੇ ਹੋਏ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ

ਡੀਸੀ ਗੁਰਦਾਸਪੁਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ, ਮੂੰਗੀ ਦੀ ਕਾਸ਼ਤ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦਾਖਲਾ ਵਿਖੇ ਕੀਤੀ ਗਈ ਲੋਕ ਮਿਲਣੀ

ਗੁਰਦਾਸਪੁਰ, 14 ਮਈ (ਮੰਨਣ ਸੈਣੀ )। ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਦਿੱਤੀ ਜਾ ਰਹੀ ਜਾਣਕਾਰੀ ਦੇ ਨਾਲ-ਨਾਲ ਜ਼ਿਲੇ ਦੇ ਹਰ ਪਿੰਡ ਵਿਚ ਇਕ ਅਗਾਂਹਵਧੂ ਕਿਸਾਨ ਦੀ ਚੋਣ ਕੀਤੀ ਜਾਵੇਗੀ, ਜੋ ਆਪਣੇ ਪਿੰਡ ਵਿਚ ਕਿਸਾਨਾਂ ਨੂੰ ਜਾਗਰੂਕ ਕਰੇਗਾ। ਜ਼ਿਲਾ ਪ੍ਰਸ਼ਾਸਨ ਵਲੋਂ ਇਸ ਤਰਾਂ ਦੇ ਅਗਾਂਹਵਧੂ ਕਿਸਾਨਾਂ ਨੂੰ 15 ਅਗਸਤ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ‘ਚਾਹ ਵਿਦ ਡਿਪਟੀ ਕਮਿਸ਼ਨਰ’ ਕਰਕੇ ਮਾਣ ਸਨਮਾਨ ਦਿੱਤਾ ਜਾਵੇਗਾ। ਇਹ ਜਾਣਕਾਰੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਦਾਖਲਾ, ਬਲਾਕ ਗੁਰਦਾਸਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਲਗਾਏ ਗਏ ਜਾਗਰੂਕਤਾ ਕੈਂਪ ਵਿੱਚ ਵਿਸ਼ੇਸ਼ ਤੋਰ ਤੇ ਸ਼ਿਰਕਤ ਕਰ ਕਿਸਾਨਾਂ ਨੂੰ ਕਹੇ ਗਏ।

ਸਵੇਰੇ 7 ਵਜੇ ਪਿੰਡ ਦੇ ਬਣੇ ਪਾਰਕ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਇਸ਼ਫਾਕ ਨੇ ਕਿਹਾ ਕਿ ਉਹ ਅੱਜ ਉਨਾਂ ਦੇ ਪਿੰਡ ਵਿਚ ਮੁੱਖ ਤਿੰਨ ਮੁੱਦੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ, ਮੂੰਗੀ ਦੀ ਕਾਸ਼ਤ ਕਰਨ ਸਬੰਧੀ ਤੇ ਨਸ਼ਿਆਂ ਨੂੰ ਖਤਮ ਕਰਨ ਸਬੰਧੀ ਜਾਗਰੂਕ ਕਰਨ ਲਈ ਆਏ ਹਨ ਅਤੇ ਜ਼ਿਲੇ ਦੇ ਸਾਰੇ ਬਲਾਕਾਂ ਦੇ ਘੱਟੋ ਘੱਟ ਇੱਕ ਪਿੰਡ ਵਿਚ ਜਾ ਕੇ ਉਨਾਂ ਵਲੋਂ ਪਿੰਡ ਵਾਸੀਆਂ ਤੇ ਖਾਸ ਕਰਕੇ ਕਿਸਾਨਾਂ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਾਸਟਰ ਟਰੇਨਰਾਂ ਤਿਆਰ ਕਰਨ ਤਾਂ ਜੋ ਵੱਧ ਤੋ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਜੇਕਰ ਉਨਾਂ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਮੂੰਗੀ ਦੀ ਫਸਲ ਦੀ ਕਾਸ਼ਤ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲੀ ਵਿਭਿੰਨਤਾ ਅੱਜ ਸਮੇਂ ਦੀ ਲੋੜ ਹੈ ਅਤੇ ਰਵਾਇਤੀ ਫਸਲਾਂ ਦੇ ਚੱਕਰ ਵਿਚੋਂ ਨਿਕਲਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕਣਕ ਦੀ ਵਢਾਈ ਤੇ ਝੋਨੇ ਦੀ ਬਿਜਾਈ ਦੇ ਵਿਚਕਾਰਲੇ ਸਮੇਂ ਦੌਰਾਨ ਮੂੰਗੀ ਦੀ ਕਾਸ਼ਤ ਕੀਤੀ ਜਾ ਸਕਦੀ ਹੈ ਤੇ ਪੰਜਾਬ ਸਰਕਾਰ ਵਲੋਂ ਇਸ ’ਤੇ ਐਮ.ਐਸ.ਪੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨਾਂ ਲੋਕਾਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਸਕੇ। ਉਨਾਂ ਦੱਸਿਆ ਕਿ ਨਸ਼ਾ ਪੀੜਤ ਵਿਅਕਤੀ ਆਪਣਾ ਇਲਾਜ ਕਰਵਾ ਸਕਦਾ ਹੈ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਕੋਈ ਵੀ ਨਸ਼ਾ ਪੀੜਤ 62391-39973 ਵਟਸਐਪ ਨੰਬਰ ’ਤੇ ਮੈਸੇਜ ਕਰਕੇ ਆਪਣਾ ਇਲਾਜ ਕਰਵਾ ਸਕਦਾ ਹੈ।  

ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਾਂਪੱਖੀ ਹੁੰਗਾਰਾ ਭਰਿਆ ਅਤੇ ਨਾਲ ਹੀ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ ਸਮੇਤ ਸਪਰੇਅ ਵਾਲੀ ਮਸ਼ੀਨ ਪਿੰਡਾਂ ਜਾਂ ਸਹਿਕਾਰੀ ਸੁਸਾਇਟੀਆਂ ਵਿਚ ਵੱਧ ਤੋਂ ਵੱਧ ਉਪਲੱਬਧ ਕਰਵਾਈਆਂ ਜਾਣ। ਮਸ਼ੀਨਰੀ ’ਤੇ ਸਬਸਿਡੀ ਦਿੱਤੀ ਜਾਵੇ। ਕੁਝ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਡੈਮੋ ਕਰਨ ਲਈ ਵੀ ਕਿਹਾ। ਇਸ ਮੌਕੇ ਕਿਸਾਨਾਂ ਨੇ ਮੂੰਗੀ ਦੀ ਕਾਸ਼ਤ ਕਰਨ ਸਬੰਧੀ ਦੱਸਿਆ ਕਿ ਜੇਕਰ ਅਪਰੈਲ ਮਹੀਨੇ ਵਿਚ ਬੀਜ ਮੁਹੱਈਆ ਕਰਵਾਇਆ ਜਾਵੇ ਤਾਂ ਇਸ ਫਸਲ ਦੀ ਕਾਸ਼ਤ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨਾਂ ਦਾ ਪਿੰਡ ਨਾਮੁਰਾਦ ਬਿਮਾਰੀ ਨਸ਼ਿਆਂ ਤੋਂ ਬਚਿਆ ਹੈ ਅਤੇ ਉਹ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨਗੇ।

ਇਸ ਮੌਕੇ ਖੇਤੀਬਾੜੀ ਅਫਸਰ ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਦੇ ਨਾਲ-ਨਾਲ ਆਰਥਿਕਤਾ ਮਜ਼ਬੂਤੀ ਨਾਲ ਅੱਗੇ ਵੱਧਣ ਦੀ ਲੋੜ ਹੈ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ ਪਰ ਖੇਤੀਬਾੜੀ ਵਿਭਾਗ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਿਹਾ ਹੈ ਅਤੇ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜੇਕਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਉਹ ਕਿਸਾਨਾਂ ਦੀ ਮੰਗ ’ਤੇ ਪਿੰਡ ਵਿਚ ਝੋਨੇ ਦੀ ਸਿੱਧੀ ਬਿਜਾਈ ਲਈ ਵਿਭਾਗ ਵਲੋਂ ਡੈਮੋ ਕੀਤੀ ਜਾਵੇਗੀ। ਉਨਾਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਵੀ ਦੱਸਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਕਿਹਾ ਕਿ ਲੋਕ ਆਪਣੀ ਕੋਈ ਵੀ ਮੁਸ਼ਕਿਲ ਵਟਸਐਪ ਨੰਬਰ 62393-01830 ’ਤੇ ਭੇਜ ਸਕਦੇ ਹਨ ਜਾਂ ਰੋਜਾਨਾ ਸਵੇਰੇ 11 ਵਜੇ ਆਪਣੇ ਘਰ ਤੋਂ ਹੀ ਡਿਪਟੀ ਕਮਿਸ਼ਨਰ ਨਾਲ ਜੂਮ ਮੀਟਿੰਗ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ। ਜੂਮ ਮੀਟਿੰਗ ਕਰਨ ਲਈ ਯੂਜਰ ਆਈ.ਡੀ 99154-33777 ਤੇ ਪਾਸਵਰਡ 0033 ਲਗਾ ਕੇ ਗੱਲ ਕਰ ਸਕਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਅੰਦਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਬੀਡੀਪੀਓ ਨੂੰ ਹਦਾਇਤ ਕੀਤੀ ਕਿ ਪਿੰਡ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾਵੇ। ਪਿੰਡ ਦੀ ਪੰਚਾਇਤ ਜਮੀਨ ਦੇ ਕੁਝ ਹਿੱਸੇ ਵਿਚ ਨਾਨਕ ਬਗੀਚੀ ਲਗਾਈ ਜਾਵੇ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ, ਅੰਗਹੀਣ ਸਰਟੀਫਿਕੇਟ ਤੇ ਕੱਚੇ ਕੋਠਿਆਂ ਆਦਿ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਡਾ. ਗੁਰਦੇਵ ਸਿੰਘ, ਡਾ. ਸੰਜੀਵ ਸ਼ਰਮਾ, ਮਨਜੀਤ ਸਿੰਘ, ਹਰਮਨਜੀਤ ਸਿੰਘ, ਮਨਜੀਤ ਕੋਰ, ਹਰਭਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਸੁੱਚਾ ਸਿੰਘ ਤੇ ਅਵਨੀਤ ਸਿੰਘ ਸਮੇਤ ਪਿੰਡਵਾਸੀ ਮੋਜੂਦ ਸਨ। ਕੱਲ੍ਹ 15 ਮਈ ਨੂੰ ਪਿੰਡ ਬਿਧੀਪੁਰ, ਧਾਰੀਵਾਲ ਵਿਖੇ ਸਵੇਰੇ 7 ਵਜੇ ਜਾਗਰੂਕਤਾ ਕੈਂਪ ਲੱਗੇਗਾ।

Exit mobile version