ਚੰਡੀਗੜ੍ਹ, 18 ਮਈ: ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ ਦਿੱਤਾ ਹੈ।
ਮੀਟਿੰਗ ਦੌਰਾਨ ਡਾ. ਸਿੰਗਲਾ ਨੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਜੋ ਉਣਤਾਈਆਂ ਛੱਡੀਆਂ ਗਈਆਂ ਹਨ ਉਹਨਾਂ ਨੂੰ ਜਲਦ ਦੂਰ ਕਰਦੇ ਹੋਏ ਇਸ ਯੋਜਨਾ ਨੂੰ ਹੋਰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਸਿਹਤ ਮੰਤਰੀ ਨੇ ਆਈ.ਐਮ.ਏ. ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ। ਇਸ ਮੌਕੇ ਬੋਲਦਿਆਂ ਆਈ.ਐਮ.ਏ. ਪੰਜਾਬ ਚੈਪਟਰ ਦੇ ਪ੍ਰਧਾਨ ਡਾ. ਪਰਮਜੀਤ ਮਾਨ ਨੇ ਸਿਹਤ ਮੰਤਰੀ ਨੂੰ ਭਰੋਸਾ ਦਵਾਇਆ ਕਿ ਸੂਬੇ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਮਰੀਜਾਂ ਦਾ ਇਲਾਜ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਭਲਕੇ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਐਸ.ਪੀ.ਐਸ. ਸੂਚ, ਡਾ. ਆਰ.ਐਸ. ਬੱਲ, ਡਾ. ਮਨੋਜ ਸੋਬਤੀ, ਡਾ. ਆਰ.ਐਸ. ਪਰਮਾਰ, ਡਾ. ਰਾਕੇਸ਼ ਵਿੱਗ, ਡਾ. ਜਨਕ ਰਾਜ ਸਿੰਗਲਾ, ਡਾ. ਭਗਵੰਤ ਸਿੰਘ, ਡਾ. ਸੁਨੀਲ ਕਤਿਆਲ, ਡਾ. ਸੰਜੀਵ ਮਿੱਤਲ, ਡਾ. ਅਸ਼ੀਸ਼ ਓਹਰੀ, ਡਾ. ਸਰਬਜੀਤ ਸਿੰਘ ਅਤੇ ਡਾ. ਦਿਵਿਆਂਸ਼ ਗੁਪਤਾ ਹਾਜ਼ਰ ਸਨ।