ਪਟਿਆਲਾ, 20 ਮਈ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਸਿੱਧੂ ਨੇ ਆਤਮ ਸਮਰਪਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਸਿੱਧੂ ਨੇ ਇਸ ਲਈ ਬੀਮਾਰ ਹੋਣ ਦਾ ਹਵਾਲਾ ਦਿੱਤਾ ਹੈ। ਇਸ ਮਾਮਲੇ ‘ਚ ਸਿੱਧੂ ਨੂੰ ਸਜ਼ਾ ਸੁਣਾਉਣ ਵਾਲੇ ਬੈਂਚ ਨੇ ਕਿਊਰੇਟਿਵ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਸ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ।
ਫਿਰ ਵੀ ਜੇਕਰ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲੀ ਤਾਂ ਸਿੱਧੂ ਨੂੰ ਅੱਜ ਆਤਮ ਸਮਰਪਣ ਕਰਨਾ ਪਵੇਗਾ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਿੱਧੂ ਦੀ ਸਜ਼ਾ ਇਕ ਸਾਲ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸਿੱਧੂ ਦੇ ਸਮਰਪਣ ਸਮੇਂ ਸਮਰਥਕਾਂ ਨੂੰ ਬੁਲਾਇਆ ਗਿਆ ਹੈ। ਇਸ ਸਬੰਧੀ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੀ ਪਾਰਟੀ ਵਰਕਰਾਂ ਨੂੰ ਸੁਨੇਹਾ ਦਿੱਤਾ ਹੈ। ਸਿੱਧੂ ਇਸ ਸਮੇਂ ਆਪਣੇ ਪਟਿਆਲਾ ਸਥਿਤ ਘਰ ਵਿੱਚ ਮੌਜੂਦ ਹਨ। ਜਿੱਥੇ ਉਨ੍ਹਾਂ ਦੇ ਸਮਰਥਕਾਂ ਨੇ ਕਾਂਗਰਸੀ ਆਗੂਆਂ ਦਾ ਪੁੱਜਣਾ ਸ਼ੁਰੂ ਕਰ ਦਿੱਤਾ ਹੈ।