Close

Recent Posts

ਸਿੱਖਿਆ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ: ਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ

ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ: ਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ
  • PublishedMay 23, 2022

ਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ: ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ

ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ, 23 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਬਜਾਏ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਕਿ ਹਰੇਕ ਸਿੱਖ ਕੋਲ ਆਧੁਨਿਕ ਹਥਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਸੱਭਿਅਕ ਸਮਾਜ ਵਿੱਚ ਰਹਿ ਰਹੇ ਹਾਂ ਜਿੱਥੇ ਦੇਸ਼ ਦਾ ਸ਼ਾਸਨ ਕਾਨੂੰਨ ਦੇ ਰਾਜ ਨਾਲ ਚੱਲਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਹਿਰਦ ਅਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਕੋਈ ਥਾਂ ਨਹੀਂ ਹੁੰਦੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਫੈਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਜਿਸ ਵਿੱਚ ‘ਸਰਬੱਤ ਦਾ ਭਲਾ’ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਚਾਹੀਦਾ ਹੈ ਕਿ ਉਹ ਸਰਬੱਤ ਦੇ ਭਲੇ ਦੇ ਇਸ ਇਲਾਹੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਧਿਆਨ ਦੇਣ। ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਲਈ ਕਹਿਣ ਦੀ ਬਜਾਏ ਇਸ ਨੇਕ ਕਾਰਜ ਵੱਲ ਧਿਆਨ ਦੇਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਦੀਆਂ ਵਿਰੋਧੀ ਤਾਕਤਾਂ ਪਹਿਲਾਂ ਹੀ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ ਅਤੇ ਹਰ ਘਰ ਵਿੱਚ ਹਥਿਆਰ ਹੋ ਜਾਣ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਗੰਭੀਰ ਚੁਣੌਤੀ ਪੈਦਾ ਹੋ ਸਕਦੀ ਹੈ। ਸੂਬੇ ਭਰ ਵਿੱਚ ਆਪਸੀ ਸਦਭਾਵਨਾ ਅਤੇ ਭਾਈਵਾਲਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

Written By
The Punjab Wire