Close

Recent Posts

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਕੈਬਨਿਟ ਮੰਤਰੀ ਦੀ ਹਾਜ਼ਰੀ ਵਿਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ

ਕੈਬਨਿਟ ਮੰਤਰੀ ਦੀ ਹਾਜ਼ਰੀ ਵਿਚ ਕਾਹਨੂੰਵਾਨ ਹਲਕੇ ਦੇ ਲੋਕਾਂ ਨੇ ਸਵੈ ਇੱਛਾ ਨਾਲ 119 ਏਕੜ ਨਾਜਾਇਜ਼ ਪੰਚਾਇਤੀ ਜ਼ਮੀਨ ਛੱਡੀ
  • PublishedMay 27, 2022

ਸੂਬੇ ਵਿਚ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੋਵੇਗੀ ਕਾਰਵਾਈ

ਗੁਰਦਾਸਪੁਰ, 27 ਮਈ ( ਮੰਨਣ ਸੈਣੀ)। ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਨਿਰੰਤਰ ਜਾਰੀ ਰਹੇਗੀ ਅਤੇ 30 ਜੂਨ ਤਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ। ਇਹ ਪ੍ਰਗਟਾਵਾ ਸ. ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਨੇ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ। ਇਸ ਮੌਕੇ ਅਮਨਸ਼ੇਰ ਸਿੰਘ ਸੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ, ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ), ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ, ਕਸ਼ਮੀਰ ਸਿੰਘ ਵਾਹਲਾ, ਗੁਰਦੀਪ ਸਿੰਘ ਰੰਧਾਵਾ, ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਸਮਸ਼ੇਰ ਸਿੰਘ ਤੇ ਬਲਬੀਰ ਸਿੰਘ ਪੰਨੂੰ, ਐਡਵੋਕੈਟ ਰਾਜੀਵ ਮਦਾਨ ਸਮੇਤ ਵੱਖ ਵੱਖ ਵਿਭਾਗ ਦੇ ਅਧਿਕਾਰੀ ਤੇ ਆਪ ਪਾਰਟੀ ਦੇ ਆਗੂ ਤੇ ਵਰਕਰ ਮੋਜੂਦ ਸਨ। ਇਸ ਮੌਕੇ ਕਾਹਨੂੰਵਾਨ ਹਲਕੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿਚ ਸਵੈ ਇੱਛਾ ਨਾਲ 119 ਪੰਚਾਇਤੀ ਜ਼ਮੀਨ ਛੱਡੀ, ਜਿਸ ਵਿਚ 37 ਏਕੜ ਕਾਹਨੂੰਵਾਨ ਬੇਟ ਤੇ 82 ਏਕੜ ਪਿੰਡ ਮੇਹੜੇ ਦੀ ਪੰਚਾਇਤੀ ਜ਼ਮੀਨ ਸ਼ਾਮਲ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਭਰ ਵਿਚੋਂ ਪੰਚਾਇਤੀ ਸ਼ਾਮਲਾਟ ਤੇ ਸਰਕਾਰੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਪਹਿਲੀ ਮਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਵਿਚ ਇੱਕ ਇੰਚ ਜ਼ਮੀਨ ਵੀ ਨਜਾਇਜ਼ ਕਬਜ਼ੇ ਹੇਠ ਨਹੀਂ ਰਹਿਣ ਦਿੱਤੀ ਜਾਵੇਗੀ।

ਉਨਾਂ ਅੱਗੇ ਦੱਸਿਆ ਕਿ ਅੱਜ ਉਹ ਵਿਸ਼ੇਸ ਤੌਰ ’ਤੇ ਗੁਰਦਾਸਪੁਰ ਆਏ ਹਨ, ਕਿਉਂਕਿ ਕਾਹਨੂੰਵਾਨ ਹਲਕੇ ਦੇ ਕਰੀਬ 50 ਕਿਸਾਨਾਂ ਵਲੋਂ 119 ਪੰਚਾਇਤੀ ਜ਼ਮੀਨ ਜੋ ਨਜਾਇਜ਼ ਕਬਜੇ ਹੇਠ ਸੀ, ਉਸਨੂੰ ਸਵੈ ਇੱਛਾ ਨਾਲ ਛੱਡਿਆ ਹੈ। ਜ਼ਮੀਨ ਛੱਡਣ ਵਾਲਿਆਂ ਦਾ ਧੰਨਵਾਦ ਕਰਦਿਆਂ ਸ. ਧਾਲੀਵਾਲ ਨੇ ਜਿਨਾਂ ਕਿਸਾਨਾਂ ਵਲੋਂ ਜ਼ਮੀਨ ਛੱਡੀ ਗਈ ਹੈ, ਉਨਾਂ ਕਿਸਾਨਾਂ ਨੂੰ ਹੀ ਅਗਲੇ ਤਿੰਨ ਸਾਲ ਲਈ ਪ੍ਰਤੀ ਏਕੜ 20 ਹਜਾਰ ਰੁਪਏ ’ਤੇ ਲੀਜ਼ ਦੇਣ ਦਾ ਐਲਾਨ ਵੀ ਕੀਤਾ। ਲੀਜ਼ ’ਤੇ ਦਿੱਤੀ ਗਈ ਜ਼ਮੀਨ ’ਤੇ ਪਾਲਿਸੀ ਤਹਿਤ ਸਲਾਨਾ 10 ਫੀਸਦ ਦਾ ਵਾਧਾ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਇੱਕ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਕਿ ਜਿਸ ਤਹਿਤ ਜਿਸ ਕਿਸਾਨ ਨੇ ਜ਼ਮੀਨ ਨੂੰ ਵਾਹੀਯੋਗ ਬਣਾਇਆ ਹੈ, ਉਸਨੂੰ ਜ਼ਮੀਨ ਕੁਲੈਕਟਰ ਰੇਟ ’ਤੇ ਦੇਣ ਦੀ ਪਹਿਲ ਹੋਵੇਗੀ। ਉਨਾਂ ਵੀ ਸਪੱਸ਼ਟ ਕਿਹਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ। ਉਨਾਂ ਕਾਹਨੂੰਵਾਨ ਹਲਕੇ ਦੇ ਆਪ ਪਾਰਟੀ ਦੇ ਇੰਚਾਰਜ ਐਡਵੈਕੈਟ ਜਗਰੂਪ ਸਿੰਘ ਸੇਖਵਾਂ ਤੇ ਕਿਸਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਦਾ ਧੰਨਵਾਦ ਕੀਤਾ, ਜਿਨਾਂ ਵਲੋਂ ਲੋਕਾਂ ਨੂੰ ਨਾਜਾਇਜ਼ ਕਬਜ਼ੇ ਛੱਡਣ ਲਈ ਪ੍ਰੇਰਿਤ ਕੀਤਾ ਗਿਆ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਗਿਆ ਹੈ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੰਦਾਜ਼ਨ 50 ਹਜ਼ਾਰ ਏਕੜ ਪੰਚਾਇਤੀ ਜਮੀਨ ’ਤੇ ਨਾਜਾਇਜ਼ ਕਬਜ਼ੇ ਹੇਠ ਹੈ। ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਪਾਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ। ਇਸ ਕਾਰਜ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ।

ਇਸ ਮੌਕੇ ਕਾਹਨੂੰਵਾਨ ਹਲਕੇ ਤੋਂ ਪੁਹੰਚੇ ਕਿਸਾਨ ਦੀਵਾਨ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ ਜਗਮੀਤ ਸਿੰਘ, ਹਰਭਜਨ ਸਿੰਘ, ਸੰਤੋਖ ਸਿੰਘ, ਸ਼ਾਮ ਸਿੰਘ ਤੇ ਮਲਕੀਤ ਸਿੰਘ ਵਲੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋ ਮੋਹਰੀ ਅਤੇ ਭ੍ਰਿ੍ਰਸ਼ਟਾਚਾਰ ਮੁਕਤ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ, ਇਸ ਲਈ ਸਮੂਹ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ। ਦਫਤਰਾਂ ਵਿਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦਾ ਮਾਣ ਸਤਿਕਾਰ ਕੀਤਾ ਜਾਵੇ ਅਤੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਜੋ ਵੀ ਹਦਾਇਤਾਂ ਜਾਰੀ ਹੋਣਗੀਆਂ, ਉਨਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।

ਮੀਟਿੰਗ ਵਿਚ ਗੁਰਦਾਸਪੁਰ ਹਲਕੇ ਤੋਂ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ, ਡੇਰਾ ਬਾਬਾ ਨਾਨਕ ਹਲਕੇ ਤੋਂ ਗੁਰਦੀਪ ਸਿੰਘ ਰੰਧਾਵਾ ਤੇ ਦੀਨਾਨਗਰ ਹਲਕੇ ਤੋਂ ਸਮਸ਼ੇਰ ਸਿੰਘ ਵਲੋਂ ਆਪਣੇ ਹਲਕੇ ਨਾਲ ਸਬੰਧ ਮੁਸ਼ਕਿਲਾਂ ਵੀ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ ਗਈਆਂ।

Written By
The Punjab Wire