ਅਮ੍ਰਿਤਸਰ, 28 ਮਈ (ਦ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ਦੇ ਵੀ.ਆਈ.ਪੀਜ਼ ਦੀ ਸੁਰੱਖਿਆ ‘ਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਅੱਧੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣੀ ਪੂਰੀ ਸੁਰੱਖਿਆ ਵਾਪਸ ਕਰਨ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ ਸੱਤਾ ‘ਚ ਆਉਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੀ.ਆਈ.ਪੀਜ਼ ਦੀ ਸੁਰੱਖਿਆ ‘ਚ ਕਟੌਤੀ ਕਰਦੇ ਆ ਰਹੇ ਹਨ। 17 ਦਿਨ ਪਹਿਲਾਂ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸੰਸਦ ਮੈਂਬਰ ਹਰਸਿਮਰਤ ਬਾਦਲ ਅਤੇ ਸੁਨੀਲ ਜਾਖੜ ਦੀ ਸੁਰੱਖਿਆ ਘਟਾ ਦਿੱਤੀ ਸੀ। ਹੁਣ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਘਟਾਉਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ ਵਿਰੋਧ ਕੀਤਾ ਹੈ।
ਇਹ ਹੁਕਮ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਉਨ੍ਹਾਂ ਕੋਲ ਪੰਜਾਬ ਪੁਲੀਸ ਦੇ 6 ਸੁਰੱਖਿਆ ਮੁਲਾਜ਼ਮ ਹਨ, ਜਿਨ੍ਹਾਂ ਵਿੱਚੋਂ 3 ਨੂੰ ਵਾਪਸ ਬੁਲਾ ਲਿਆ ਗਿਆ ਹੈ। ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਨੇ ਖੁਦ ਗਿਆਨੀ ਹਰਪ੍ਰੀਤ ਸਿੰਘ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹ ਆਪਣੀ ਬਾਕੀ ਸੁਰੱਖਿਆ ਵੀ ਵਾਪਸ ਭੇਜ ਦੇਣਗੇ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਾਲ ਗੱਲ ਕਰਕੇ ਉਨ੍ਹਾਂ ਨੇ ਹੋਰ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਵਾਪਸ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਹੈ, ਖਾਸ ਕਰਕੇ ਪੰਜਾਬ ਸਰਕਾਰ ਦੀ ਸੁਰੱਖਿਆ ਦੀ। ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਦੇ ਸਿੱਖ ਨੌਜਵਾਨ ਹੀ ਕਾਫੀ ਹਨ।