ਜਿਲੇ ਅੰਦਰ ਮੂਹ ਰਾਜਨੀਤਿਕ ਪਾਰਟੀਆਂ ਤੇ ਵਿਭਾਗਾਂ ਦੇ ਸਹਿਯੋਗ ਨਾਲ ਵਿੱਢੀ ਜਾਵੇਗੀ ਮੁਹਿੰਮ
ਗੁਰਦਾਸਪੁਰ, 28 ਮਈ ( ਮੰਨਣ ਸੈਣੀ )। ਜ਼ਿਲੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਹੁਲਾਰਾ ਦੇਣ ਲਈ ਜ਼ਿਲੇ ਭਰ ਵਿੱਚ ਜਨਤਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਤੇ ਵਿਭਾਗਾਂ ਵੱਲੋਂ ਆਪਸੀ ਸਹਿਯੋਗ ਨਾਲ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸਥਾਨਿਕ ਪੰਚਾਇਤ ਭਵਨ ਵਿਖੇ ਜ਼ਿਲੇ ਦੇ ਸਮੂਹ ਰਾਜੀਨਿਤਿਕ /ਨੁਮਾਇੰਦਿਆਂ ਅਤੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਲ, ਗੁਰਦੀਪ ਸਿੰਘ ਰੰਧਾਵਾ, ਬਲਬੀਰ ਸਿੰਘ ਪੰਨੂੰ, ਜਗਰੂਪ ਸਿੰਘ ਸੇਖਵਾਂ, ਕਸ਼ਮੀਰ ਸਿੰਘ ਵਾਹਲਾ ਤੋਂ ਇਲਾਵਾ ਕਾਂਗਰਸ ਪਾਰਟੀ, ਸੀਪੀਆਈਐਮ, ਆਜ਼ਾਦ ਚੌਣ ਲੜਣ ਵਾਲੇ ਉਮੀਦਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਅਮਨਦੀਪ ਕੌਰ, ਰਵਿੰਦਰ ਕੌਰ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅਮਨਦੀਪ ਸਿੰਘ ਘੁੰਮਣ ਐਸ.ਡੀ.ਐਮ ਗੁਰਦਾਸਪੁਰ, ਸ਼ੇਰੀ ਮਲਹੋਤਰਾ ਐਸ.ਡੀ.ਐਮ ਬਟਾਲਾ, ਰਜੇਸ਼ ਸ਼ਰਮਾ ਐਸ.ਡੀ.ਐਮ ਡੇਰਾ ਬਾਬਾ ਨਾਨਕ, ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ ਠਾਕੂਰ, ਧੀਰਜ ਵਰਮਾ ਲੀਗਲ ਸਟੇਟ ਜੁਆਇੰਟ ਸੈਕਟਰੀ ਪੰਜਾਬ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਪਾਣੀ ਤੇ ਪਰਿਵਾਰ ਬਚਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਜਨਤਕ ਮੁਹਿੰਮ ਬਣਾ ਕੇ ਜ਼ਿਲੇ ਅੰਦਰ ਵਿੱਢਿਆ ਜਾਵੇਗਾ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਅੱਜ ਸਮੂਹ ਰਾਜੀਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਖੇਤਰ ਵਿੱਚ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ।ਝੋਨੇ ਦੀ ਸਿੱਧੀ ਬਿਜਾਈ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਅੰਦਰ 3360 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ ਅਤੇ ਇਸ ਜ਼ਿਲੇ ਅੰਦਰ ਕਰੀਬ 1 ਲੱਖ 71 ਹਜ਼ਾਰ 250 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਟੀਚਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਜਨਤਕ ਮੁਹਿੰਮ ਬਣਾਉਣ ਦੀ ਲੋੜ ਹੈ ਅਤੇ ਸਮੂਹਿਕ ਸਹਿਯੋਗ ਨਾਲ ਅਸੀਂ ਜ਼ਿਲੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਹੋਰ ਉਤਸਾਹਿਤ ਕਰ ਸਕਦੇ ਹਨ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਹਰ ਪਿੰਡ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਜਾਵੇਗੀ ਅਤੇ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇਗਾ ਉਹ ਕਿਸਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਏ ਵਟਸਅੱਪ ਗਰੁੱਪ ਵਿੱਚ ਆਪਣੀ ਫੋਟੋ ਭੇਜੇਗਾ ਅਤੇ ਸਮੂਹ ਫੋਟੋਆਂ ਦੀ ਇਕ ਐਲਬਮ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ 15 ਅਗਸਤ ਮੌਕੇ ਸਨਮਾਨਿਤ ਵੀ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਸ਼ਿਆਂ ਵਿਰੁੱਧ ਸਮੂਹਿਕ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆ ਨੂੰ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਉਨ੍ਹਾਂ ਨੂੰ ਜਾਗਰੂਕ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅੰਕੜੇ ਦੱਸਦੇ ਹਨ ਕਿ ਜ਼ਿਲੇ ਅੰਦਰ ਲਗਭਗ ਹਰ ਚੌਥੇ ਘਰ ਵਿੱਚ ਨਸ਼ਾ ਪੀੜਤ ਵਿਅਕਤੀ ਹੈ, ਜਿਸ ਦੇ ਇਲਾਜ ਲਈ ਸਾਨੂੰ ਉਸ ਨੂੰ ਜਾਗਰੂਕ ਕਰਕੇ ਨਸ਼ਾ ਛਡਾਓ ਕੇਂਦਰ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਸ਼ਾ ਪੀੜਤ ਆਪਣਾ ਇਲਾਜ ਕਰਵਾਉਣ ਜਾਂ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਵਟਸਐੱਪ ਨੰਬਰ 62391-39973 ‘ਤੇ ਮੈਸੇਜ ਕਰ ਸਕਦੇ ਹਨ।ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਸ਼ੇਰੀ ਕਲਸੀ ਨੇ ਕਿਹਾ ਕਿ ਪਾਣੀ ਤੇ ਪਰਿਵਾਰ ਨੂੰ ਬਚਾਉਣ ਦੀ ਲੜਾਈ ਸਾਰਿਆਂ ਦੀ ਸਾਂਝੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਸਮੂਹ ਰਾਜਸੀ ਪਾਰਟੀ ਦੇ ਆਗੂਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਰਲ ਕੇ ਹੰਭਲਾ ਮਾਰਿਆ ਜਾਵੇ।ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਲ, ਗੁਰਦੀਪ ਸਿੰਘ ਰੰਧਾਵਾ, ਬਲਬੀਰ ਸਿੰਘ ਪੰਨੂੰ, ਜਗਰੂਪ ਸਿੰਘ ਸੇਖਵਾਂ, ਕਸ਼ਮੀਰ ਸਿੰਘ ਵਾਹਲਾ ਤੋਂ ਇਲਾਵਾ ਕਾਂਗਰਸ ਪਾਰਟੀ, ਸੀਪੀਆਈਐਮ, ਆਜ਼ਾਦ ਚੌਣ ਲੜਣ ਵਾਲੇ ਉਮੀਦਵਾਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਆਪਣਾ ਯੋਗਦਾਨ ਪਾਉਣ ਦਾ ਵਿਸ਼ਵਾਸ ਦਿੱਤਾ।