ਜਗਰੂਪ ਸਿੰਘ ਸੇਖਵਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਤ
ਪਿੰਡ ਸੇਖਵਾਂ ਵਿੱਚ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 1 ਜੂਨ ( ਮੰਨਣ ਸੈਣੀ) । ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਪਿੰਡ ਸੇਖਵਾਂ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ। ਇਸ ਮੌਕੇ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ. ਜਗਰੂਪ ਸਿੰਘ ਸੇਖਵਾਂ ਦੇ ਖੇਤ ਵਿੱਚ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦਾ ਅਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸਿਆਸੀ ਆਗੂਆਂ, ਪੰਚਾਂ-ਸਰਪੰਚਾਂ ਅਤੇ ਸਾਰੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ।
ਇਸ ਤੋਂ ਬਾਅਦ ਪਿੰਡ ਸੇਖਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਾਨੂੰ ਧਰਤ ਹੇਠਲੇ ਪਾਣੀ ਦੀ ਬਚਤ ਲਈ ਆਪਣਾ ਸਾਰਾ ਰਕਬਾ ਹੀ ਸਿੱਧੀ ਬਿਜਾਈ ਹੇਠ ਲਿਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਖੇਤ ਵਿਚ ਝੋਨੇ ਦੀ ਸਿੱਧੀ ਬਿਜਾਈ ਨਾਲ 25 ਲੱਖ ਲੀਟਰ ਪਾਣੀ ਦੀ ਬਚਤ ਹੁੰਦੀ ਹੈ ਅਤੇ ਜੇਕਰ ਹਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇ ਤਾਂ ਬਹੁਤ ਸਾਰਾ ਪਾਣੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਘੱਟੋ-ਘੱਟ 250-300 ਏਕੜ ਝੋਨੇ ਦੀ ਸਿੱਧੀ ਬਿਜਾਈ ਜਰੂਰ ਕਰੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਜਗਰੂਪ ਸਿੰਘ ਸੇਖਵਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਾਣੀ ਨੂੰ ਬਚਾਉਣ ਲਈ ਜਰੂਰ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਮਾਲੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਸ. ਸੇਖਵਾਂ ਨੇ ਕਿਹਾ ਕਿ ਉਹ ਹਲਕਾ ਕਾਦੀਆਂ ਦੇ ਪਿੰਡਾਂ ਵਿੱਚ ਜਾ ਕੇ ਹੋਰ ਕਿਸਾਨਾਂ ਨੂੰ ਵੀ ਸਿੱਧੀ ਬਿਜਾਈ ਲਈ ਪ੍ਰੇਰਤ ਕਰਨਗੇ।
ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਮਾਹਿਰ ਡਾ. ਰਣਬੀਰ ਸਿੰਘ ਠਾਕੁਰ ਅਤੇ ਡਾ. ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਖੇਤੀ ਲਾਗਤ ਖਰਚਾ ਘੱਟਦਾ ਹੈ ਅਤੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਪੂਰੀ ਤਰਾਂ ਕਾਮਯਾਬ ਹੈ ਅਤੇ ਕਿਸਾਨਾਂ ਨੂੰ ਪਾਣੀ ਨੂੰ ਬਚਾਉਣ ਖਾਤਰ ਸਿੱਧੀ ਬਿਜਾਈ ਵੱਲ ਜਰੂਰ ਆਉਣਾ ਚਾਹੀਦਾ। ਇਸ ਮੌਕੇ ਪਿੰਡ ਸੇਖਵਾਂ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਹਾਮੀ ਭਰੀ ਅਤੇ ਆਪਣੇ ਨਾਮ ਖੇਤੀਬਾੜੀ ਵਿਭਾਗ ਕੋਲ ਦਰਜ ਕਰਵਾਏ।