ਚੰਡੀਗੜ੍ਹ, 8 ਜੂਨ:ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ।
ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ।
ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਪਰਤਣਗੇ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।