ਚੰਡੀਗੜ੍ਹ, 25 ਜੂਨ (ਦ ਪੰਜਾਬ ਵਾਇਰ)। ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਕਾਰਤਿਕ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਕਾਰਤਿਕ ਦੀ ਮਾਂ ਨੇ ਦੋਸ਼ ਲਾਇਆ ਕਿ ਵਿਜੀਲੈਂਸ ਉਸ ਦੇ ਬੇਟੇ ‘ਤੇ ਤਸ਼ੱਦਦ ਕਰਦੀ ਸੀ ਅਤੇ ਵਿਜੀਲੈਂਸ ਮੁਲਾਜ਼ਮਾਂ ਨੇ ਬੇਟੇ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਲੋਕ ਸਾਡੇ ਨਾਲ ਅਜਿਹਾ ਕਰ ਸਕਦੇ ਹਨ ਤਾਂ ਆਮ ਜਨਤਾ ਦਾ ਕੀ ਕਰ ਸਕਦੇ ਹਨ।
ਸੰਜੇ ਪੋਪਲੀ ਦੀ ਪਤਨੀ ਨੇ ਦੱਸਿਆ ਕਿ ਅੱਜ ਸੰਜੇ ਪੋਪਲੀ ਦੀ ਪ੍ਰੋਡਕਸ਼ਨ ਸੀ। ਵਿਜੀਲੈਂਸ ਟੀਮ ਨੇ ਉਸ ਦੇ ਲੜਕੇ ਵੱਲ ਪਿਸਤੌਲ ਤਾਣ ਲਈ ਸੀ। ਉਨ੍ਹਾਂ ਨੂੰ ਵੀ ਧੱਕੇ ਮਾਰੇ ਗਏ। ਉਨ੍ਹਾਂ 12 ਘੰਟੇ ਥਾਣੇ ‘ਚ ਬੈਠਾ ਕੇ ਤਸ਼ੱਦਦ ਕਰਨ ਦਾ ਵੀ ਦੋਸ਼ ਲਗਾਇਆ।
ਕਾਰਤਿਕ ਦਾ ਕੁਝ ਸਮਾਂ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਲਾਅ ਦਾ ਵਿਦਿਆਰਥੀ ਸੀ। ਕਾਰਤਿਕ ਫਿਲਹਾਲ ਆਈਏਐਸ ਦੀ ਤਿਆਰੀ ਕਰ ਰਿਹਾ ਸੀ। ਸੂਚਨਾ ਮਿਲਣ ’ਤੇ ਐਸਐਸਪੀ ਕੁਲਦੀਪ ਚਾਹਲ ਸਮੇਤ ਕਈ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ।
2008 ਬੈਚ ਦੇ ਸੀਨੀਅਰ ਆਈਏਐਸ ਸੰਜੇ ਪੋਪਲੀ ਨੂੰ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਨੇ ਉਸ ਦੇ ਸੈਕਟਰ 11 ਚੰਡੀਗੜ੍ਹ ਦੇ ਘਰ ਤੋਂ ਇੱਕ ਠੇਕੇਦਾਰ ਤੋਂ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕਰਨਾਲ ਦੇ ਰਹਿਣ ਵਾਲੇ ਇਕ ਠੇਕੇਦਾਰ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਪੋਪਲੀ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀ ਬਿੱਲ ਕਲੀਅਰ ਕਰਨ ਲਈ ਇੱਕ ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਨਵਾਂਸ਼ਹਿਰ ਵਿੱਚ ਸੱਤ ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਇਸ ਵਿੱਚ ਉਹ ਇੱਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਿਹਾ ਸੀ। ਠੇਕੇਦਾਰ ਨੇ 12 ਜਨਵਰੀ ਨੂੰ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੁਪਰਡੈਂਟ ਪੱਧਰ ਦੇ ਅਧਿਕਾਰੀ ਸੰਜੀਵ ਵਤਸ ਰਾਹੀਂ 3.5 ਲੱਖ ਰੁਪਏ ਦਾ ਭੁਗਤਾਨ ਕੀਤਾ ਸੀ।
ਵਿਜੀਲੈਂਸ ਨੇ ਦਾਅਵਾ ਕੀਤਾ ਕਿ ਪੋਪਲੀ ਠੇਕੇਦਾਰ ਤੋਂ ਬਕਾਇਆ 3.5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਫੋਨ ਕਾਲ ਰਿਕਾਰਡ ਕਰ ਲਈ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ। ਪੋਪਲੀ ਪਹਿਲਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਖੀ ਸਨ।