ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡਿਪਟੀ ਕਮਿਸ਼ਨਰ

ਜ਼ੂਮ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਬਟਾਲਾ, 30 ਜੂਨ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੱਜ ਸਵੇਰੇ 11 ਵਜੇ ਤੋਂ ਦੁਪਿਹਰ 12 ਵਜੇ ਤੱਕ ਜ਼ਿਲ੍ਹਾ ਵਾਸੀਆਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣ ਰਹੇ ਸਨ ਜਿਸ ਦੌਰਾਨ ਬਟਾਲਾ ਨਿਵਾਸੀ ਸੰਜੀਵ ਭਸੀਨ ਨੇ ਇਹ ਮੁੱਦਾ ਉਠਾਇਆ ਸੀ ਕਿ ਬਟਾਲਾ ਸ਼ਹਿਰ ਵਿੱਚ ਕੁਝ ਹੁਲੜਬਾਜ਼ ਬੁੱਲਟ ਮੋਟਰਸਾਈਕਲਾਂ ਜਰੀਏ ਪਟਾਕੇ ਮਾਰ ਕੇ ਲੋਕਾਂ ਵਿੱਚ ਦਹਿਸ਼ਤ ਫੈਲਾਅ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹੁਲੜਬਾਜ਼ਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਬਜ਼ਾਰ ਵਿੱਚ ਕੋਈ ਬੁੱਲਟ ਮੋਟਰਸਾਈਕਲ ਸਵਾਰ ਪਟਾਕੇ ਮਾਰਦਾ ਹੈ ਤਾਂ ਉਸ ਮੋਟਰਸਾਈਕਲ ਦੇ ਨੰਬਰ ਪਲੇਟ ਦੀ ਮੋਬਾਇਲ ਰਾਹੀਂ ਫੋਟੋ ਲੈ ਕੇ ਪੁਲਿਸ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਅਜਿਹੇ ਅਨਸਰਾਂ ’ਤੇ ਨਕੇਲ ਪਾਈ ਜਾ ਸਕੇ। ਇਸੇ ਦੌਰਾਨ ਬਟਾਲਾ ਸ਼ਹਿਰ ਦੀ ਟਰੈਫਿਕ ਸਮੱਸਿਆ ਸਬੰਧੀ ਮੁਸ਼ਕਲਾਂ ਨੂੰ ਵੀ ਉਠਾਇਆ ਗਿਆ।

ਜ਼ੂਮ ਮੀਟਿੰਗ ਦੌਰਾਨ ਬਾਊਪੁਰ ਜੱਟਾਂ ਪਿੰਡ ਦੇ ਸਰਪੰਚ ਨੇ ਪਿੰਡ ਵਿੱਚ ਪੰਚਾਇਤੀ ਜ਼ਮੀਨ ਉਪਰ ਹੋਏ ਨਜਾਇਜ ਕਬਜ਼ੇ ਦਾ ਮੁੱਦਾ ਉਠਾਇਆ। ਇਸਤੇ ਡਿਪਟੀ ਕਮਿਸ਼ਨਰ ਨੇ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਇਸ ਮਾਮਲੇ ਦੇ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਘੁਮਾਣ ਨਿਵਾਸੀ ਪਰਲੋਕ ਸਿੰਘ ਨੇ ਘੁਮਾਣ ਤੋਂ ਜਲੰਧਰ ਨੂੰ ਵਾਇਆ ਬਿਆਸ ਸਿੱਧੀ ਸਰਕਾਰੀ ਬੱਸ ਚਲਾਉਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਹੋਰ ਵੀ ਵਿਅਕਤੀਆਂ ਨੇ ਆਪਣੇ ਮਸਲੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ। ਸਾਰੇ ਮਸਲਿਆਂ ਨੂੰ ਗੌਰ ਨਾਲ ਸੁਣਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀਆਂ ਹਦਾਇਤਾਂ ਕੀਤੀਆਂ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਕਿਸੇ ਵੀ ਵਸਨੀਕ ਨੂੰ ਆਪਣੇ ਪਿੰਡ/ਸ਼ਹਿਰ/ਗਲੀ-ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਮੁਸ਼ਕਲ ਹੈ ਜਾਂ ਕਿਸੇ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਉਹ ਹਰ ਰੋਜ਼ (ਸ਼ੋਮਵਾਰ ਤੋਂ ਸ਼ੁਕਰਵਾਰ ਤੱਕ ਵਰਕਿੰਗ ਡੇਅ) ਸਵੇਰੇ 11:00 ਵਜੇ ਤੋਂ ਦੁਪਹਿਰ 12:00 ਤੱਕ ਜ਼ੂਮ ਐਪ ਜਰੀਏ ਉਨਾਂ ਨਾਲ ਆਨ-ਲਾਈਨ ਰਾਬਤਾ ਕਰ ਸਕਦੇ ਹਨ। ਉਨਾਂ ਦੱਸਿਆ ਕਿ ਆਨ ਲਾਈਨ ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਵਿੱਚ ਜ਼ੂਮ ਐਪ ਡਾਊਨਲੋਡ ਕੀਤੀ ਜਾਵੇ ਅਤੇ ਯੂਜਰ ਆਈ.ਡੀ. 96469-76098 ਅਤੇ ਪਾਸਵਰਡ 22 ਲਗਾ ਕੇ ਜ਼ੂਮ ਮੀਟਿੰਗ ਵਿੱਚ ਸ਼ਾਮਿਲ ਹੋਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਆਨ-ਲਾਈਨ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਭੇਜ ਸਕਦੇ ਹਨ।          

Exit mobile version