ਗੁਰਦਾਸਪੁਰ, 7 ਜੁਲਾਈ ( ਮੰਨਣ ਸੈਣੀ ) । ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਸ. ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਤੇ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਤੇਜਬੀਰ ਸਿੰਘ ਹੁੰਦਲ ਐਸ.ਪੀ (ਇੰਵੈਸਟੀਗੇਸ਼ਨ ਬਟਾਲਾ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਹਲਕਾ ਵਿਧਾਇਕ ਬਟਾਲਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਨਗਰ ਨਿਗਮ ਬਟਾਲਾ ਸਮੇਤ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਉਨਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਅਤੇ ਜਲ ਸਪਲਾਈ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿਸ ਸੜਕ/ਗਲੀ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਓਥੇ ਗਲੀਆਂ ਅਤੇ ਸੜਕਾਂ ਬਣਾਉਣ ਵਿੱਚ ਦੇਰੀ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਉਨਾਂ ਬਟਾਲਾ-ਜਲੰਧਰ ਰੋਡ, ਸੀਵਰੇਜ ਦੀ ਮੈਨਟੇਨਸ, ਸ਼ਿਵ ਆਡੋਟੋਰੀਅਮ ਵਿਖੇ ਏ.ਸੀ ਤੇ ਲਾਈਟ ਐਂਡ ਸਾਊਂਡ ਸਿਸਟਮ, ਹੰਸਲੀ ਦੀ ਸਫਾਈ, ਲਾਈਟਸ, ਪਸ਼ੂ ਹਸਪਤਾਲ, ਹਜੀਰਾ ਤੇ ਸੁਭਾਸ ਪਾਰਕ ਸਮੇਤ ਨੋਸ਼ਹਿਰਾ ਮੱਝਾ ਸਿੰਘ ਵਿਖੇ ਸੀਵਰੇਜ ਦੇ ਕੰਮ ਸਬੰਧੀ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ। ਉਨਾਂ ਸੀਵਰੇਜ ਬੋਰਡ, ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਦੇ ਕੰਮ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਤੇ ਸਮੁੱਚਾ ਪਲਾਨ ਤਿਆਰ ਕੀਤਾ ਜਾਵੇ, ਤਾਂ ਜੋ ਵਿਕਾਸ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਣ। ਉਨਾਂ ਨੋਸ਼ਹਿਰਾ ਮੱਝਾ ਸਿੰਘ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਮੁੱਚੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਇਸੇ ਤਰਾਂ ਮੀਟਿੰਗ ਵਿਚ ਪਿੰਡਾਂ ਵਿਚ ਤਿਆਰ ਕੀਤੀਆਂ ਗਈਆਂ ਡਿਸਪੈਂਸਰੀਆਂ ਸਬੰਧੀ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।