ਗੁਰਦਾਸਪੁਰ, 13 ਜੁਲਾਈ (ਦਿਨੇਸ਼ ਕੁਮਾਰ)। ਅਕਸਰ ਹੀ ਦੇਖਣ ਵਿੱਚ ਆਇਆ ਹੈ ਕਿ ਵਿਦੇਸ਼ ਜਾਣ ਦੇ ਸ਼ੌਕੀਨ ਠੱਗੀ ਦਾ ਸ਼ਿਕਾਰ ਹੋ ਕੇ ਲੱਖਾਂ ਰੁਪਏ ਦਾ ਚੂਨਾ ਲਗਵਾ ਲੈਂਦੇ ਹਨ। ਅਜਿਹਾ ਹੀ ਇੱਕ ਮਾਮਲਾ ਥਾਣਾ ਤਿੱਬੜ ਨਾਲ ਸਬੰਧਿਤ ਪਿੰਡ ਤਿੱਬੜੀ ਦਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਵਿਅਕਤੀ ਨੇ ਵਿਦੇਸ਼ ਜਾਰਜੀਆ ਭੇਜਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਰੁਪਏ ਦੀ ਠਗੀ ਮਾਰ ਲਈ। ਇਸ ਸੰਬੰਧੀ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਆਈ ਇਮੈਨੁਅਲ ਮੱਲ ਨੇ ਦੱਸਿਆ ਕਿ ਗੁਰਮੁੱਖ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਤਿੱਬੜੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਨੇ ਅਵਤਾਰ ਸਿੰਘ ਵਾਸੀ ਘੇਬੇ ਥਾਣਾ ਸਦਰ ਪਠਾਨਕੋਟ ਨੂੰ ਵਿਦੇਸ਼ ਜਾਰਜੀਆ ਭੇਜਣ ਲਈ 6 ਲੱਖ 50 ਹਜ਼ਾਰ ਰੁਪਏ ਦਿੱਤੇ ਸਨ। ਪਰ ਦੋਸ਼ੀ ਵਲੋਂ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪ ਪੁਲੀਸ ਕਪਤਾਨ ਗੁਰਦਾਸਪੁਰ ਵੱਲੋਂ ਕੀਤੀ ਗਈ ਸੀ। ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਪੁਲੀਸ ਨੇ ਅਵਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।